ਸ੍ਰੀ ਅਨੰਦਪੁਰ ਸਾਹਿਬ, 21 ਜੂਨ (ਕਰਨੈਲ ਸਿੰਘ) ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨੀਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਦਾ ਇਸਤਰੀ ਅਕਾਲੀ ਦਲ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਵਿਰਕ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਹੁਦੇਦਾਰਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।ਸਨਮਾਨਿਤ ਕੀਤੇ ਗਏ ਆਗੂਆਂ ਵਿਚ ਹਲਕਾ ਪ੍ਰਧਾਨ ਰੂਪਨਗਰ ਬੀਬੀ ਚਰਨਜੀਤ ਕੌਰ ਮਲਿਕਪੁਰ, ਹਲਕਾ ਸ੍ਰੀ ਅਨੰਦਪੁਰ ਸਾਹਿਬ ਪ੍ਰਧਾਨ ਬੀਬੀ ਹਰਦੀਪ ਕੌਰ , ਯੂਥ ਅਕਾਲੀ ਦੇ ਹਲਕਾ ਪ੍ਰਧਾਨ ਦਵਿੰਦਰ ਸਿੰਘ ਢਿੱਲੋਂ, ਹਲਕਾ ਵਪਾਰ ਵਿੰਗ ਦੇ ਪ੍ਰਧਾਨ ਦਵਿੰਦਰ ਸਿੰਘ ਰਾਣਾ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਸਰਸਾ ਨੰਗਲ ਆਦਿ ਸ਼ਾਮਲ ਸਨ। ਸਨਮਾਨਿਤ ਅਹੁਦੇਦਾਰਾਂ ਵਲੋਂ ਪਾਰਟੀ ਹਾਈਕਮਾਂਡ ਅਤੇ ਬੀਬੀ ਵਿਰਕ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਬੀਬੀ ਵਿਰਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਪੰਥਕ ਕਦਰਾਂ-ਕੀਮਤਾਂ ਦੀ ਪ੍ਰਤੀਨਿਧੀ ਪਾਰਟੀ ਹੈ। ਪਾਰਟੀ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਦਿੱਤੀਆਂ ਜ਼ਿੰਮੇਵਾਰੀਆਂ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪਿੰਡ ਪੱਧਰ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਵਿਚ ਅਹਿਮ ਯੋਗਦਾਨ ਮਿਲੇਗਾ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਹਰ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰੇਗੀ। ਇਸ ਮੌਕੇ ਦਲਵਿੰਦਰ ਕੌਰ, ਗੀਤਾ ਮਲਿਕਪੁਰ, ਬੋਬੀ ਬੋਲਾ, ਸੁਰਜੀਤ ਕੌਰ, ਭਜਨ ਕੌਰ, ਤਾਰਾ ਸੈਣੀ, ਨਿਰਮਲ ਕੌਰ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਸ਼ਾਮਲ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ
ਅਜੀਤ ਡੈਸਕ
22-06-2026