ਰੂਪਨਗਰ, 24 ਜੂਨ (ਸਤਨਾਮ ਸਿੰਘ ਸੱਤੀ)- ਭਾਰਤ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓ. ਵੋਟਰਾਂ ਦੇ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਸ ਤੋਂ ਬਾਅਦ 3 ਅਗਸਤ ਨੂੰ ਡਰਾਫ਼ਟ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ ਜਦਕਿ ਦਾਅਵੇ ਅਤੇ ਇਤਰਾਜ਼ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ। ਅੰਤਿਮ ਵੋਟਰ ਸੂਚੀਆਂ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਵਿਚ ਵਾਧੂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.-2) ਨਿਯੁਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਗ਼ਲਤੀ ਰਹਿਤ ਵੋਟਰ ਸੂਚੀਆਂ ਦੀ ਤਿਆਰੀ ਲਈ ਪ੍ਰਸ਼ਾਸਨ ਅਤੇ ਰਾਜਨੀਤਿਕ ਪਾਰਟੀਆਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਯੋਗ ਵੋਟਰ, ਵੋਟਰ ਸੂਚੀ ਵਿਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।