ਰੂਪਨਗਰ, 24 ਜੂਨ (ਸਤਨਾਮ ਸਿੰਘ ਸੱਤੀ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ ਸੜਕਾਂ ਅਤੇ ਜਨਤਕ ਥਾਵਾਂ ‘ਤੇ ਘੁੰਮ ਰਹੇ ਬੇਸਹਾਰਾ, ਆਵਾਰਾ ਅਤੇ ਲਾਵਾਰਸ ਗਊਧਨ ਨੂੰ ਜਲਦ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਊਧਨ ਦੀ ਸੁਚੱਜੀ ਸਾਂਭ-ਸੰਭਾਲ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨਾਲ ਸੜਕੀ ਹਾਦਸਿਆਂ ਨੂੰ ਰੋਕਣ, ਟਰੈਫ਼ਿਕ ਸਮੱਸਿਆ ਤੋਂ ਨਿਜਾਤ ਦਿਵਾਉਣ ਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾਉਣ ਵਿਚ ਮਦਦ ਮਿਲੇਗੀ। ਉਪ ਚੇਅਰਮੈਨ ਨੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਤੇ ਬੀ.ਡੀ.ਪੀ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਆਵਾਰਾ ਗਊਧਨ ਦੀ ਪਛਾਣ ਕਰਕੇ ਉਨ੍ਹਾਂ ਨੂੰ ਗਊਸ਼ਾਲਾਵਾਂ ਵਿਚ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਵਿਚ ਗਊਧਨ ਦੇ ਟੀਕਾਕਰਨ ਤੇ ਜ਼ਖ਼ਮੀ ਪਸ਼ੂਆਂ ਦੇ ਇਲਾਜ ਲਈ ਲਗਾਤਾਰ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ। ਸ੍ਰੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਵਿਚ ਰੱਖੇ ਗਊਧਨ ਲਈ ਚਾਰੇ ਅਤੇ ਹੋਰ ਖ਼ਰਚਿਆਂ ਵਾਸਤੇ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਕੇ 61 ਰੁਪਏ ਪ੍ਰਤੀ ਗਾਂ ਪ੍ਰਤੀ ਦਿਨ ਕਰ ਦਿੱਤੀ ਗਈ ਹੈ। ਉਨ੍ਹਾਂ ਨਗਰ ਕੌਂਸਲਾਂ ਨੂੰ ਗਊ ਸੈੱਸ ਦੀ ਰਕਮ ਗਊਸ਼ਾਲਾਵਾਂ ਨੂੰ ਸਮੇਂ ਸਿਰ ਜਾਰੀ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿਚ ਗਊਆਂ ਨੂੰ ਆਵਾਰਾ ਛੱਡਣ ਵਾਲੇ ਡੇਅਰੀ ਫਾਰਮਾਂ ਖ਼ਿਲਾਫ਼ ਮਿਊਂਸੀਪਲ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪੁਲਿਸ ਵਿਭਾਗ ਨੂੰ ਗਊਧਨ ਦੀ ਸਮਗਲਿੰਗ ਰੋਕਣ ਅਤੇ ਅਜਿਹੇ ਮਾਮਲਿਆਂ ਵਿਚ ਐਫ.ਆਈ.ਆਰ. ਦਰਜ ਕਰਕੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਤੋਂ ਬਾਅਦ ਕੀਮਤੀ ਭਗਤ ਨੇ ਅਧਿਕਾਰੀਆਂ ਸਮੇਤ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਪਿੰਡ ਸੁੱਖੇ ਮਾਜਰਾ ਦਾ ਦੌਰਾ ਕਰਕੇ ਉਥੇ ਗਊਧਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸ.ਪੀ. ਅਰਵਿੰਦ ਮੀਨਾ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਪੀ.ਓ. ਅਮਿਤ ਸ਼ਰਮਾ, ਇਸ਼ਾਨ ਚੌਧਰੀ, ਅਮਰੀਕ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਮੌਜੂਦ ਸਨ।