ਨੂਰਪੁਰ ਬੇਦੀ, 24 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਨੂਰਪੁਰ ਬੇਦੀ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ’ਚ ਡੀ-ਸਿਲਟਿੰਗ ਦੇ ਨਾਂਅ ਹੇਠ ਚੱਲ ਰਹੀਆਂ ਗੈਰ ਕਾਨੂੰਨੀ ਮਾਈਨਿੰਗ ਦੀਆਂ ਗਤੀਵਿਧੀਆਂ ਅਤੇ ਪਾਬੰਦੀ ਦੇ ਬਾਵਜੂਦ ਮਾਈਨਿੰਗ ਮਟੀਰੀਅਲ ਲੈ ਕੇ ਦਿਨ ਅਤੇ ਰਾਤ ਸਮੇਂ ਗੁਜ਼ਰ ਰਹੇ ਭਾਰੀ ਵਾਹਨਾਂ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਤਿੱਖਾ ਸੰਘਰਸ਼ ਆਰੰਭ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧ ’ਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰਨਾਂ ਵਰਕਰਾਂ ਨੇ ਬੈਠਕ ਉਪਰੰਤ ਗੱਲਬਾਤ ਕਰਦਿਆਂ ਆਖਿਆ ਕਿ ਡੀਸਿਲਟਿੰਗ ਦੇ ਨਾਂਅ ’ਤੇ ਕੁਦਰਤੀ ਸਾਧਨਾਂ ਦੀ ਖੁੱਲ੍ਹੇਆਮ ਲੁੱਟ ਕੀਤੀ ਜਾ ਰਹੀ ਹੈ ਜਦਕਿ ਸੰਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਹੋਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਗੈਰ-ਕਾਨੂੰਨੀ ਗਤੀਵਿਧੀ ’ਤੇ ਤੁਰੰਤ ਰੋਕ ਨਾ ਲਗਾਈ ਗਈ ਤਾਂ ਕਾਂਗਰਸ ਪਾਰਟੀ ਆਉਣ ਵਾਲੇ ਦਿਨਾਂ ’ਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰੇਗੀ। ਸ਼ਰਮਾ ਨੇ ਕਿਹਾ ਕਿ ਸਰਕਾਰ ਵਲੋਂ ਭਾਵੇਂ ਕਈ ਮਾਰਗਾਂ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਹੋਈ ਹੈ ਪਰ ਖੇਤਰ ਦੇ ਲੋਕਾਂ ਤੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਅਨੁਸਾਰ ਨੂਰਪੁਰ ਬੇਦੀ–ਰੂਪਨਗਰ ਮੁੱਖ ਮਾਰਗ ’ਤੇ ਰੋਜ਼ਾਨਾ ਦਰਜਨਾਂ ਟਿੱਪਰ ਤੇ ਡੰਪਰ ਮਾਈਨਿੰਗ ਮਟੀਰੀਅਲ ਲੈ ਕੇ ਬੇਰੋਕ-ਟੋਕ ਗੁਜ਼ਰ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਵਾਹਨਾਂ ’ਤੇ ਨੰਬਰ ਪਲੇਟਾਂ ਤੱਕ ਮੌਜੂਦ ਨਹੀਂ ਹਨ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਿਰ ਕਿਸ ਦੀ ਸ਼ਹਿ ’ਤੇ ਮਾਈਨਿੰਗ ਦਾ ਗੋਰਖ ਧੰਦਾ ਚੱਲ ਰਿਹਾ ਹੈ ਅਤੇ ਜੇਕਰ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ ਤਾਂ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਕਾਰਵਾਈ ਕਿਉਂ ਨਹੀਂ ਕਰ ਰਹੇ? ਪ੍ਰਧਾਨ ਸ਼ਰਮਾ ਨੇ ਕਿਹਾ ਕਿ ਬੇਰੋਕ ਟੋਕ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਗਿਆ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਗੰਭੀਰ ਮਸਲੇ ਵੱਲ ਅੱਖਾਂ ਬੰਦ ਕਰ ਕੇ ਬੈਠੇ ਹਨ। ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਕਿ ਡੀਸਿਲਟਿੰਗ ਅਤੇ ਮਾਈਨਿੰਗ ਨਾਲ ਸਬੰਧਤ ਸਾਰੇ ਕੰਮਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਗੈਰ-ਕਾਨੂੰਨੀ ਤਰੀਕੇ ਨਾਲ ਖਣਨ ਅਤੇ ਢੋਆ-ਢੁਆਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੜਕਾਂ ’ਤੇ ਉਤਰੇਗੀ।