ਸ੍ਰੀ ਅਨੰਦਪੁਰ ਸਾਹਿਬ, 30 ਜੂਨ (ਜੇ ਐਸ ਨਿੱਕੂਵਾਲ)-ਪਿਛਲੇ 17 ਸਾਲਾਂ ਤੋਂ ਬਲਾਕ ਸੰਮਤੀ ਦਫ਼ਤਰ ਵਿਚ ਕੰਮ ਕਰ ਰਹੇ ਮਨਗਰੇਗਾ ਕਾਮਿਆਂ ਵਲੋਂ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਕਲਮ ਛੋੜ ਹੜਤਾਲ ਕੀਤੀ ਗਈ।ਇਸ ਸਬੰਧੀ ਆਗੂਆਂ ਨੇ ਦੱਸਿਆ ਕਿ ਕਿ 2022 ਵਿਚ ‘ਆਪ’ ਸਰਕਾਰ ਵਲੋਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦੇ ਹੀ ਉਹ ਸਾਰੇ ਕਰਮਚਾਰੀਆਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਬਾਅਦ ਵੀ ਹਰ ਕੋਈ ਠੇਕੇ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨੇ ਬੀਤ ਤੇ ਉਨ੍ਹਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ।ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਹਨ। ਜਿਸ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੀਆਂ ਤਨਖ਼ਾਹਾਂ ਕਾਮਿਆਂ ਨੂੰ ਦਿੱਤੀਆਂ ਜਾਣ ਅਤੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ। ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।ਜਿਸਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।ਇਸ ਮੌਕੇ ਪ੍ਰਧਾਨ ਮਨਜੀਤ ਸਿੰਘ, ਦੀਪਕ ਕੁਮਾਰ, ਕਮਲਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਸੰਜੀਵ ਸਿੰਘ, ਸੁਰਜੀਤ ਸਿੰਘ, ਵਰਿੰਦਰ ਕੁਮਾਰ, ਸ਼ੁਭਮ ਸੈਣੀ, ਪੰਕਜ ਸੈਣੀ, ਰਾਜਵੰਤ ਕੌਰ, ਪ੍ਰਿੰਸ ਕੁਮਾਰ, ਆਦਿ ਹਾਜ਼ਰ ਸਨ।