ਰੂਪਨਗਰ, 1 ਜੁਲਾਈ (ਸਤਨਾਮ ਸਿੰਘ ਸੱਤੀ)-ਪਿੰਡ ਕੋਟਲਾ ਨਿਹੰਗ ਦੇ ਪੰਚਾਇਤ ਮੈਂਬਰਾਂ ਤੇ ਸਖੀ ਵਰਕਰਾਂ ਨੇ ਪੰਜਾਬ ਸਰਕਾਰ ਦੀ ਮਾਣ ਭੱਤਾ ਸਕੀਮ ਦੇ ਫਾਰਮ ਭਰਨ ਦੌਰਾਨ ਕਥਿਤ ਪੱਖਪਾਤ ਕੀਤੇ ਜਾਣ ਦਾ ਦੋਸ਼ ਲਗਾਉਂਦਿਆਂ ਤਹਿਸੀਲਦਾਰ ਰੋਪੜ ਸੁਰਿੰਦਰਪਾਲ ਸਿੰਘ ਪੰਨੂੰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਰਾਹੀਂ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਯੋਗ ਕਾਰਵਾਈ ਦੀ ਮੰਗ ਕੀਤੀ ਗਈ। ਮੰਗ ਪੱਤਰ ਵਿਚ ਬਲਾਕ ਸੰਮਤੀ ਮੋਰਿੰਡਾ ਦੇ ਵਾਈਸ ਚੇਅਰਮੈਨ ਨਰਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਮਾਣ ਭੱਤਾ ਦੇਣ ਦੀ ਸਕੀਮ ਸ਼ੁਰੂ ਕੀਤੀ ਗਈ ਹੈ, ਪਰ ਪਿੰਡ ਕੋਟਲਾ ਨਿਹੰਗ ਦੀ ਸਰਪੰਚ ਬਲਵਿੰਦਰ ਕੌਰ ਵਲੋਂ ਸਖੀ ਵਰਕਰਾਂ ਨੂੰ ਆਪਣੇ ਘਰ ਬਿਠਾ ਕੇ ਕੇਵਲ ਆਪਣੇ ਚਹੇਤਿਆਂ ਦੇ ਹੀ ਫਾਰਮ ਭਰਵਾਏ ਜਾ ਰਹੇ ਹਨ, ਜਦਕਿ ਵਿਰੋਧੀ ਧਿਰ ਨਾਲ ਸਬੰਧਿਤ ਗ਼ਰੀਬ ਪਰਿਵਾਰਾਂ ਦੀਆਂ ਯੋਗ ਔਰਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਮੰਗ ਪੱਤਰ ਵਿਚ ਇਹ ਵੀ ਦੋਸ਼ ਲਗਾਇਆ ਗਿਆ ਕਿ ਪਿੰਡ ਦੀ ਸਖੀ ਵਰਕਰ ਕਿਰਨਦੀਪ ਕੌਰ, ਪਤਨੀ ਅੰਮ੍ਰਿਤਪਾਲ ਸਿੰਘ, ਨੂੰ ਸਰਪੰਚ ਦੇ ਪੁੱਤਰ ਜਸਬੀਰ ਸਿੰਘ ਅਤੇ ਆਂਗਣਵਾੜੀ ਵਰਕਰ ਜਸਵਿੰਦਰ ਕੌਰ ਵਲੋਂ ਓ. ਟੀ. ਪੀ. ਦੇਣ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ ਕਾਰਨ ਯੋਗ ਲਾਭਪਾਤਰੀਆਂ ਦੇ ਫਾਰਮ ਭਰਨ ਵਿਚ ਰੁਕਾਵਟ ਪੈਦਾ ਹੋਈ। ਸ਼ਿਕਾਇਤਕਰਤਾਵਾਂ ਨੇ ਦੋਸ਼ ਲਗਾਇਆ ਕਿ ਇਹ ਸਭ ਕੁੱਝ ਸਿਆਸੀ ਰੰਜਸ਼ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਨਾਲ ਸਬੰਧਿਤ ਪਰਿਵਾਰਾਂ ਨੂੰ ਸਰਕਾਰੀ ਸਕੀਮ ਦੇ ਲਾਭ ਤੋਂ ਵਾਂਝਾ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਅਤੇ ਸਾਰੀਆਂ ਯੋਗ ਔਰਤਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਕੀਮ ਦਾ ਲਾਭ ਦਿਵਾਉਣ ਦੀ ਮੰਗ ਕੀਤੀ। ਇਸ ਮੌਕੇ ਪੰਚ ਬਰਿੰਦਰ ਸਿੰਘ, ਪੰਚ ਸੁਰਿੰਦਰ ਕੌਰ, ਸਖੀ ਵਰਕਰ ਕਿਰਨਦੀਪ ਕੌਰ, ਬਿਕਰਮ ਸਿੰਘ ਲਾਲੀ ਅਤੇ ਗੁਰਪ੍ਰੀਤ ਸਿੰਘ ਹੈਪੀ ਵੀ ਹਾਜ਼ਰ ਸਨ।