ਨੰਗਲ, 01 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨੰਗਲ ਇਲਾਕੇ ਵਿਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਇਕ ਬੇਹੱਦ ਘਿਣਾਉਣਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 28 ਸਾਲਾਂ ਵਿਅਕਤੀ ਵਲੋਂ ਇਕ 6 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜਨਾਹ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਨੰਗਲ ਦੀ ਟੀਮ ਵਲੋਂ ਮੁਸਤੈਦੀ ਦਿਖਾਉਂਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਦੀ ਪੱਤਰਕਾਰਾਂ ਕੋਲ ਪੁਸ਼ਟੀ ਕਰਦਿਆਂ ਪੁਲਿਸ ਥਾਣਾ ਨੰਗਲ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਅੱਜ ਸਵੇਰੇ ਹੀ ਇਕ ਸ਼ਿਕਾਇਤ ਮਿਲੀ ਸੀ ਕਿ ਇੱਕ 28 ਸਾਲਾ ਨੌਜਵਾਨ ਨੇ 6 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰਦਸਤੀ ਕੀਤੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਰਿਸ਼ਤੇ ਵਿਚ ਬੱਚੀ ਦਾ ਫੁੱਫੜ ਲੱਗਦਾ ਹੈ। ਐੱਸ.ਐੱਚ.ਓ. ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਮਾਸੂਮ ਬੱਚੀ ਨਾਲ ਹੋਈ ਇਸ ਦਰਿੰਦਗੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਦਬੋਚ ਲਿਆ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਸੰਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫਰੈਂਸਿੰਗ ਟੀਮ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਸੂਮ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਅਗਲੇਰੀ ਜਾਂਚ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਅਜਿਹੇ ਘਿਣਾਉਣੇ ਅਪਰਾਧ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।