ਮੋਰਿੰਡਾ, 1 ਜੁਲਾਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਚ ਸੈਕਟਰ ਕਾਈਨੌਰ ਅਧੀਨ ਮਮਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ। ਜਿਸਦਾ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ. ਬੀ., ਨਮੂਨੀਆ, ਖ਼ਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗ਼ੀ ਬੁਖ਼ਾਰ, ਗਲਘੋਟੂ ਅਤੇ ਟੈੱਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਅਤੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਏ. ਐੱਨ. ਐੱਮ. ਮਨਦੀਪ ਕੌਰ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਆਪਣੇ ਗਰਭ ਵਿਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖ਼ਿਆਲ ਰੱਖਣ ਤੇ ਸੰਤੁਲਿਤ ਭੋਜਨ ਦਾ ਸੇਵਨ ਕਰਨ। ਇਸ ਨਾਲ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣਗੇ ਤੇ ਸਰੀਰ ਵਿਚ ਖ਼ੂਨ ਦੀ ਕਮੀ ਨਹੀਂ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਮਿੰਦਰ ਸਿੰਘ, ਸਮੂਹ ਏ. ਐੱਨ. ਐੱਮ., ਸਮੂਹ ਸੀ. ਐੱਚ. ਓ. ਅਤੇ ਆਸ਼ਾ ਵਰਕਰਜ਼ ਹਾਜ਼ਰ ਸਨ।