ਰੂਪਨਗਰ, 5 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਮੰਚ ਦੀ ਰੋਪੜ ਜ਼ਿਲ੍ਹਾ ਇਕਾਈ ਦੀ ਮੀਟਿੰਗ ਸੁਖਦੇਵ ਸਿੰਘ ਸੁਰਤਾਪੁਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਉਦਾਸੀਨ ਰਵੱਈਏ ‘ਤੇ ਗਹਿਰੀ ਨਾਰਾਜ਼ਗੀ ਪ੍ਰਗਟਾਈ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ 18 ਫ਼ੀਸਦੀ ਡੀਏ, ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਕਰਨ, ਕੱਚੇ, ਠੇਕਾ ਅਤੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪ੍ਰੋਬੇਸ਼ਨ ਪੀਰੀਅਡ ਖ਼ਤਮ ਕਰਨ, ਪੰਜਾਬ ਤਨਖ਼ਾਹ ਸਕੇਲ ਲਾਗੂ ਕਰਨ, ਖ਼ਾਲੀ ਅਸਾਮੀਆਂ ਭਰਨ ਅਤੇ ਆਂਗਣਵਾੜੀ, ਆਸ਼ਾ ਤੇ ਮਿਡ-ਡੇ ਮੀਲ ਵਰਕਰਾਂ ਨੂੰ ਘੱਟੋ-ਘੱਟ ਉਜਰਤ ਦੇ ਦਾਇਰੇ ਵਿਚ ਲਿਆਉਣ ਵਰਗੀਆਂ ਮੰਗਾਂ ‘ਤੇ ਕੋਈ ਫ਼ੈਸਲਾ ਨਹੀਂ ਕੀਤਾ। ਪੀ.ਐਸ.ਐਸ.ਐਫ. ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੁਰਤਾਪੁਰੀ ਅਤੇ ਟਰਾਂਸਪੋਰਟ ਪੈਨਸ਼ਨਰ ਯੂਨੀਅਨ ਪੰਜਾਬ ਦੇ ਪ੍ਰਧਾਨ ਰਾਧੇ ਸ਼ਾਮ ਨੇ ਦੋਸ਼ ਲਾਇਆ ਕਿ ਸਾਢੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਵੀ ਪੂਰੇ ਨਹੀਂ ਹੋਏ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 8 ਜੁਲਾਈ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰ ਪੁਰ ਵਿਖੇ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 17 ਜੁਲਾਈ ਨੂੰ ਮੁਹਾਲੀ ਵਿਖੇ ਪੰਜਾਬ ਪੱਧਰੀ ਰੈਲੀ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਵਿਚ ਨਰਿੰਦਰ ਸੈਣੀ, ਹਰਜਿੰਦਰ ਸਿੰਘ, ਕਰਮ ਸਿੰਘ ਭੱਲਾ, ਸੁਰਜੀਤ ਸਿੰਘ ਗੁਰੂ, ਨਿਰਮਲ ਸਿੰਘ, ਸੁਰਿੰਦਰ ਸਿੰਘ, ਮੇਜਰ ਸਿੰਘ, ਹਰਬੰਸ ਸਿੰਘ ਕਲੇਰ, ਸੁਰਜੀਤ ਲਾਲ, ਨਸੀਬ ਸਿੰਘ, ਜਗਮੋਹਨ ਸਿੰਘ ਚੇਤਾ, ਮੁਖ਼ਤਿਆਰ ਸਿੰਘ, ਰਾਧੇ ਸ਼ਾਮ ਸਮੇਤ ਹੋਰ ਆਗੂ ਹਾਜ਼ਰ ਸਨ।