ਰੂਪਨਗਰ, 7 ਜੁਲਾਈ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਐੱਸ.ਐੱਸ.ਪੀ. ਰੂਪਨਗਰ ਨੂੰ ਮੰਗ ਪੱਤਰ ਸੌਂਪ ਕੇ ਇਲਾਕੇ ਦੇ ਪ੍ਰਸਿੱਧ ਗੋਤਾਖੋਰ ਅਤੇ ਸਮਾਜ ਸੇਵੀ ਕਮਲਪ੍ਰੀਤ ਸੈਣੀ ’ਤੇ ਹੋਏ ਕਥਿਤ ਕਾਤਲਾਨਾ ਹਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਰੂਪਨਗਰ ਵਿੱਚ ਮਾਈਨਿੰਗ ਮਾਫੀਆ ਦਾ ਹੌਸਲਾ ਲਗਾਤਾਰ ਵੱਧ ਰਿਹਾ ਹੈ ਅਤੇ ਅਜਿਹੇ ਤੱਤ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਕਾਨੂੰਨ ਦਾ ਡਰ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਰੂਪਨਗਰ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿੱਥੇ ਗੁੰਡਾਗਰਦੀ ਅਤੇ ਮਾਫੀਆ ਰਾਜ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲਾਲਪੁਰਾ ਨੇ ਕਿਹਾ ਕਿ ਕਮਲਪ੍ਰੀਤ ਸੈਣੀ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਸੈਂਕੜਿਆਂ ਲੋਕਾਂ ਦੀਆਂ ਜਾਨਾਂ ਬਚਾਈਆਂ ਹਨ ਅਤੇ ਉਨ੍ਹਾਂ ’ਤੇ ਹੋਇਆ ਹਮਲਾ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਾਵਨਾ ’ਤੇ ਹਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਕਿਸੇ ਪ੍ਰਭਾਵ ਹੇਠ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਹਮਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਜ਼ਿਲ੍ਹੇ ਵਿਚ ਸਰਗਰਮ ਮਾਈਨਿੰਗ ਮਾਫੀਆ ਅਤੇ ਹੋਰ ਅਪਰਾਧਿਕ ਤੱਤਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ ਕਾਨੂੰਨ ਦਾ ਰਾਜ ਯਕੀਨੀ ਬਣਾਇਆ ਜਾਵੇ। ਇਸ ਮੌਕੇ ਨੰਗਲ ਦੇ ਸਾਬਕਾ ਕੌਂਸਲ ਪ੍ਰਧਾਨ ਰਜੇਸ਼ ਚੌਧਰੀ, ਐਡਵੋਕੇਟ ਨਿਪੁਣ ਸੋਨੀ, ਐਡਵੋਕੇਟ ਵਿਸ਼ਾਲ ਸੈਣੀ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿਚ ਜਲਦੀ ਨਿਰਪੱਖ ਕਾਰਵਾਈ ਨਾ ਹੋਈ ਤਾਂ ਲੋਕਤੰਤਰੀ ਢੰਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।