ਰੂਪਨਗਰ, 8 ਜੁਲਾਈ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਪਹਿਲਾਂ ਦੇ ਹੁਕਮਾਂ ਵਿੱਚ ਸੋਧ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ ‘ਤੇ ਪਿੰਡ ਕਾਹਨਪੁਰ ਖੂਹੀ ਚੌਂਕ ਤੋਂ ਪਿੰਡ ਬਾਥੜੀ (ਹਿਮਾਚਲ ਪ੍ਰਦੇਸ਼ ਸਰਹੱਦ) ਤੱਕ ਸਾਰੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ਸਿਫ਼ਾਰਸ਼ ‘ਤੇ ਇਹ ਫ਼ੈਸਲਾ ਲਿਆ ਗਿਆ ਹੈ। ਹੁਣ ਇਸ ਰੂਟ ‘ਤੇ ਹਰ ਸਮੇਂ ਭਾਰੀ ਵਾਹਨਾਂ ਦੀ ਆਵਾਜਾਈ ਬੰਦ ਰਹੇਗੀ। ਸਾਰੇ ਭਾਰੀ ਵਾਹਨਾਂ ਨੂੰ ਪਹਿਲਾਂ ਤੋਂ ਨਿਰਧਾਰਿਤ ਡਾਇਵਰਸ਼ਨ ਰੂਟ ਨੰਗਲ–ਸ੍ਰੀ ਅਨੰਦਪੁਰ ਸਾਹਿਬ–ਰੋਪੜ ਰੋਡ ਰਾਹੀਂ ਹੀ ਲੰਘਣ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਵਾਹਨ ਚਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਆਵਾਜਾਈ ਸੁਚਾਰੂ ਰਹੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।