ਐੱਸ. ਏ. ਐੱਸ. ਨਗਰ, 8 ਜੁਲਾਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੇ ਗਏ ‘ਲੋਕ-ਮਿਲਣੀ’ ਪ੍ਰੋਗਰਾਮਾਂ ਤਹਿਤ ਅੱਜ ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡ ਬੜਮਾਜਰਾ, ਜੁਝਾਰ ਨਗਰ ਅਤੇ ਤੜੌਲੀ-ਹੁਸੈਨਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਰੂ-ਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੇ ਭਰਪੂਰ ਸਹਿਯੋਗ ਅਤੇ ਵਿਸ਼ਵਾਸ ਸਦਕਾ ਪੰਜਾਬ ‘ਚ ਵਿਕਾਸ ਦੀ ਰਫ਼ਤਾਰ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸੰਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਹਾਲੀ ਹਲਕੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਥੇ ਵੱਡੇ-ਵੱਡੇ ਵਿਕਾਸ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਮੁਹਾਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਭਰੋਸੇ ਨਾਲ ਵਿਧਾਨ ਸਭਾ ਭੇਜਿਆ ਹੈ ਅਤੇ ਉਹ ਇਸ ਭਰੋਸੇ ‘ਤੇ ਖਰਾ ਉਤਰਦੇ ਹੋਏ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਿਕਾਸ ਪੱਖੋਂ ਹਲਕਾ ਮੁਹਾਲੀ ਨੂੰ ਪੰਜਾਬ ਦਾ ਨੰਬਰ 1 ਵਿਧਾਨ ਸਭਾ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਰਾਜਿੰਦਰ ਪ੍ਰਸ਼ਾਦ ਸ਼ਰਮਾ, ਇਕਬਾਲ ਸਿੰਘ, ਹਰਪਾਲ ਸਿੰਘ ਚੰਨਾ, ਹਰਪਾਲ ਸਿੰਘ ਬਰਾੜ, ਤਰਲੋਚਨ ਸਿੰਘ, ਅਕਵਿੰਦਰ ਸਿੰਘ ਗੋਸਲ, ਜਸਵੀਰ ਸਿੰਘ ਰੁੜਕਾ, ਪਰਮਿੰਦਰ ਸਿੰਘ ਰੁੜਕਾ, ਮਲਕੀਅਤ ਸਿੰਘ, ਮਨਜੀਤ ਸਿੰਘ, ਨਰਿੰਦਰ ਪਾਲ ਸਿੰਘ, ਬਲਜੀਤ ਸਿੰਘ ਹੈਪੀ ਤੇ ਪ੍ਰਗਟ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।