ਨੰਗਲ, 9 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਲੰਘੀ 7 ਜੁਲਾਈ ਨੂੰ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਹੋਈ ਵਿਸ਼ੇਸ਼ ਮੀਟਿੰਗ ਨੂੰ ਕੋਰਮ ਪੂਰਾ ਨਾ ਹੋਣ ਕਾਰਨ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ। ਸਾਬਕਾ ਸਪੀਕਰ ਨੇ ਅੱਜ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੀਟਿੰਗ ਵਿਚ ਹੋਈਆਂ ਪ੍ਰਧਾਨ, ਸੀਨੀਅਰ ਉਪ ਪ੍ਰਧਾਨ ਅਤੇ ਉਪ ਪ੍ਰਧਾਨ ਦੇ ਅਹੁਦੇ ਲਈ ਹੋਈਆਂ ਚੋਣਾਂ ਨੂੰ ਵੀ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਲਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕਥਿਤ ਤੌਰ ‘ਤੇ 7 ਜੁਲਾਈ ਨੂੰ ਪ੍ਰਧਾਨ ਦੇ ਅਹੁਦੇ ਲਈ ਚੋਣ ਕਰਵਾਈ, ਕਿਉਂਕਿ ਨਗਰ ਕੌਂਸਲ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ ਕਿਉਂਕਿ ਕੌਂਸਲ ਦੀਆਂ 19 ਸੀਟਾਂ ਵਿਚੋਂ, ਕਾਂਗਰਸ ਪਾਰਟੀ ਨੇ 8, ਆਮ ਆਦਮੀ ਪਾਰਟੀ ਨੇ 7, ਭਾਜਪਾ ਨੇ 3 ਅਤੇ ਆਜ਼ਾਦ ਉਮੀਦਵਾਰ ਨੇ 1 ਸੀਟ ਜਿੱਤੀ ਸੀ। ਉਨ੍ਹਾਂ ਕਿਹਾ ਕਿ ਮਿਊਂਸੀਪਲ ਐਕਟ 1911 ਦੀ ਧਾਰਾ 27 ਦੇ ਤਹਿਤ ਇੱਕ ਵਿਸ਼ੇਸ਼ ਮੀਟਿੰਗ ਲਈ ਸਦਨ ਦੇ ਕੁੱਲ ਮੈਂਬਰਾਂ ਵਿਚੋਂ ਅੱਧੇ ਮੈਂਬਰਾਂ ਦੀ ਮੌਜੂਦਗੀ ਜ਼ਰੂਰੀ ਹੈ। ਅੱਠ ਕਾਂਗਰਸੀ ਤੇ ਤਿੰਨ ਭਾਜਪਾ ਕੌਂਸਲਰਾਂ ਨੇ ਮੀਟਿੰਗ ਦਾ ਬਾਈਕਾਟ ਕੀਤਾ, ਜਦੋਂ ਕਿ ਇਸ ਮੀਟਿੰਗ ਵਿਚ ਵਿਧਾਇਕ ਸਮੇਤ ਕੁੱਲ ਨੌਂ ਮੈਂਬਰ ਹਾਜ਼ਰ ਸਨ। ਇਸ ਲਈ ਰੂਪਨਗਰ ਦੇ ਡਿਪਟੀ ਕਮਿਸ਼ਨਰ, ਸਬੰਧਿਤ ਅਧਿਕਾਰੀਆਂ ਅਤੇ ਚੋਣ ਕਮਿਸ਼ਨ ਨੂੰ 7 ਜੁਲਾਈ ਨੂੰ ਹੋਈ ਕੌਂਸਲ ਪ੍ਰਧਾਨ ਚੋਣ ਨੂੰ ਰੱਦ ਕਰਨਾ ਚਾਹੀਦਾ ਹੈ। ਰਾਣਾ ਕੇ.ਪੀ. ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਕਾਨੂੰਨ ਦੀ ਉਲੰਘਣਾ ਕਰਦਾ ਹੈ ਅਤੇ ਪ੍ਰਧਾਨ ਦੀ ਚੋਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਦਾ ਹੈ, ਤਾਂ ਉਹ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਗੇ ਅਤੇ ਇਸ ਮਾਮਲੇ ਸਬੰਧੀ ਮਾਨਯੋਗ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਉਣਗੇ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਜੇ ਸਾਹਨੀ, ਰਾਕੇਸ਼ ਨਈਅਰ, ਕਪੂਰ ਸਿੰਘ, ਸੁਰੇਸ਼ ਮਲਿਕ, ਅਸ਼ੋਕ ਸੈਣੀ, ਉਮਾਕਾਂਤ ਸ਼ਰਮਾ, ਸੁਰਿੰਦਰ ਪੰਮਾ, ਐਡਵੋਕੇਟ ਅਮਨ ਬਜਾਜ, ਆਰ ਕੇ ਜਸਵਾਲ, ਕੌਂਸਲਰ ਲਖਵੀਰ ਲੱਕੀ ਤੇ ਦੀਪਕ ਨੰਦਾ ਆਦਿ ਮੌਜੂਦ ਸਨ।