ਰੂਪਨਗਰ ,11 ਜੁਲਾਈ (ਯਸ਼ਵੰਤ ਬੱਸੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੇਵੀਰ ਸਿੰਘ ਲਾਲਪੁਰਾ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਹਰਸ਼ ਮਲਹੋਤਰਾ ਨਾਲ ਮੁਲਾਕਾਤ ਕਰਕੇ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਰਾਸ਼ਟਰੀ ਰਾਜਮਾਰਗਾਂ ਉੱਤੇ ਲਗਾਏ ਗਏ ਐਂਟਰੀ ਟੈਕਸ ਦੇ ਗੰਭੀਰ ਮੁੱਦੇ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆ ਕੇ ਵਿਸਥਾਰ ਪੂਰਵਕ ਚਰਚਾ ਕੀਤੀ। ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਮਹਿਜ਼ ਐਂਟਰੀ ਟੈਕਸ ਦਾ ਮਾਮਲਾ ਨਹੀਂ, ਸਗੋਂ ਇਸ ਦਾ ਸਿੱਧਾ ਅਸਰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲੱਖਾਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ, ਵਪਾਰਕ ਗਤੀਵਿਧੀਆਂ ਅਤੇ ਆਪਸੀ ਸਮਾਜਿਕ ਸਬੰਧਾਂ ਉੱਤੇ ਪੈਂਦਾ ਹੈ। ਲਾਲਪੁਰਾ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਹਰ ਰੋਜ਼ ਹਜਾਰਾਂ ਲੋਕ ਰੋਜ਼ਗਾਰ, ਕਾਰੋਬਾਰ, ਉਦਯੋਗਿਕ ਕੰਮਾਂ, ਸਿੱਖਿਆ ਅਤੇ ਹੋਰ ਜ਼ਰੂਰੀ ਕਾਰਜਾਂ ਲਈ ਹਿਮਾਚਲ ਪ੍ਰਦੇਸ਼ ਜਾਂਦੇ ਹਨ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਆਉਣ ਵਾਲੇ ਸੈਲਾਨੀਆਂ, ਵਪਾਰਕ ਆਵਾਜਾਈ ਅਤੇ ਜ਼ਰੂਰੀ ਸਪਲਾਈ ਦਾ ਇੱਕ ਵੱਡਾ ਹਿੱਸਾ ਵੀ ਪੰਜਾਬ ਦੇ ਇਸੇ ਖੇਤਰ ਰਾਹੀਂ ਗੁਜ਼ਰਦਾ ਹੈ। ਅਜਿਹੇ ਵਿੱਚ ਰਾਸ਼ਟਰੀ ਰਾਜਮਾਰਗਾਂ ਉੱਤੇ ਵਾਧੂ ਟੋਲ ਲਗਾਉਣਾ ਨਾ ਤਾਂ ਲੋਕ ਹਿੱਤ ਵਿੱਚ ਹੈ ਅਤੇ ਨਾ ਹੀ ਦੇਸ਼ ਦੀ ਏਕਤਾ ਅਤੇ ਆਰਥਿਕ ਵਿਕਾਸ ਦੀ ਭਾਵਨਾ ਦੇ ਅਨੁਕੂਲ ਹੈ। ਹਿਮਾਚਲ ਸਰਕਾਰ ਦਾ ਇਹ ਫ਼ੈਸਲਾ ਵੀ ਲੋਕਾਂ ਵਿਚਕਾਰ ਬੇਲੋੜੀਆਂ ਰੁਕਾਵਟਾਂ ਖੜ੍ਹੀਆਂ ਕਰਦਾ ਹੈ, ਜਿਸ ਨਾਲ ਦੋਵੇਂ ਰਾਜਾਂ ਦੇ ਆਮ ਨਾਗਰਿਕਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਯਾਤਰੀਆਂ ਨੂੰ ਬੇਵਜ੍ਹਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਲੋਕ ਹਿੱਤ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਵਲੋਂ ਜਲਦ ਤੋਂ ਜਲਦ ਪ੍ਰਭਾਵਸ਼ਾਲੀ ਦਖਲ ਦਿੱਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਅਜੇਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਕੇਂਦਰੀ ਰਾਜ ਮੰਤਰੀ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੇ ਹਿੱਤਾਂ ਨਾਲ ਜੁੜੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਇਸ ਮਾਮਲੇ ਵਿਚ ਵੀ ਨਿਆਂਸੰਗਤ ਅਤੇ ਉਚਿਤ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਦੇ ਸਕਾਰਾਤਮਕ ਦਖਲ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਦੋਵੇਂ ਰਾਜਾਂ ਵਿਚਕਾਰ ਆਵਾਜਾਈ, ਵਪਾਰ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤੀ ਮਿਲੇਗੀ।