ਮੋਰਿੰਡਾ, 11 ਜੁਲਾਈ (ਪ੍ਰਿਤਪਾਲ ਸਿੰਘ)-ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ । ਸਥਾਨਕ ਸਨਾਤਨ ਧਰਮ ਮੰਦਰ ਵਿਖੇ ਸ਼ਹਿਰ ਵਾਸੀਆਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਵਾਰਡ ਨੰਬਰ 6 ਤੋਂ ਕੌਂਸਲਰ ਮਨਦੀਪ ਸਿੰਘ ਬਾਜਵਾ, ਕੌਂਸਲਰ ਰਜੇਸ਼ ਕੁਮਾਰ ਸਿਸੋਦੀਆ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਰਾਹੁਲ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਤੇ ਪੁਲਿਸ ਪ੍ਰਸ਼ਾਸਨ ’ਤੇ ਮਿਲ ਕੇ ਕਾਂਗਰਸ ਦੇ ਬਹੁ-ਗਿਣਤੀ ਕੌਂਸਲਰਾਂ ਨਾਲ ਧੱਕੇਸ਼ਾਹੀ ਕਰਨ ਅਤੇ ਉਨ੍ਹਾਂ ਨੂੰ ਚੋਣ ਮੀਟਿੰਗ ਵਿਚ ਸ਼ਾਮਲ ਨਾ ਹੋਣ ਦੇਣ ਦੇ ਗੰਭੀਰ ਦੋਸ਼ ਲਗਾਏ ਹਨ । ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਤੋਂ ਸ਼ਹਿਰ ਦੇ ਲੋਕ ਬੁਰੀ ਤਰ੍ਹਾਂ ਦੁਖੀ ਅਤੇ ਨਿਰਾਸ਼ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਤੇ ਸਰਕਾਰੀ ਧੱਕੇਸ਼ਾਹੀ ਖਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕੁਝ ਸਥਾਨਕ ਦੁਕਾਨਦਾਰਾਂ ਨੇ ਆਪਣੇ ਪੱਧਰ ’ਤੇ ਦੁਕਾਨਾਂ ਬੰਦ ਵੀ ਰੱਖੀਆਂ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਵਾਸੀਆਂ ਵਲੋਂ ਕਾਂਗਰਸ ਨੂੰ ਪੂਰਨ ਸਮਰਥਨ ਹਾਸਿਲ ਹੈ, ਪਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਵਲੋਂ ਖੁਦ ਕੋਈ ਵੀ ਦੁਕਾਨ ਬੰਦ ਕਰਵਾਉਣ ਜਾਂ ਟਰੈਫਿਕ ਜਾਮ ਕਰਨ ਤੋਂ ਮਨਾ ਕੀਤਾ ਗਿਆ ਸੀ। ਟਿੰਕੂ ਨੇ ਚੋਣ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ ਦੱਸਿਆ ਕਿ ਨਿਯਮਾਂ ਮੁਤਾਬਿਕ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਸਮੇਂ ਸਭ ਤੋਂ ਪਹਿਲਾਂ ਜਿੱਤੇ ਹੋਏ ਸਾਰੇ ਕੌਂਸਲਰਾਂ ਨੂੰ ਕਨਵੀਨਰ-ਕਮ-ਐਸ.ਡੀ.ਐਮ. ਵਲੋਂ ਉਨ੍ਹਾਂ ਦੇ ਅਹੁਦੇ ਦੀ ਸਹੁੰ ਚੁਕਾਈ ਜਾਂਦੀ ਹੈ, ਜਿਸ ਤੋਂ ਬਾਅਦ ਹੀ ਚੋਣ ਪ੍ਰਕਿਰਿਆ ਆਰੰਭ ਹੁੰਦੀ ਹੈ। ਪਰ ਮੋਰਿੰਡਾ ਨਗਰ ਕੌਂਸਲ ਦੀ ਚੋਣ ਦੌਰਾਨ ਬਹੁ-ਗਿਣਤੀ ਕੌਂਸਲਰਾਂ ਨੂੰ ਕੋਈ ਸਹੁੰ ਨਹੀਂ ਚੁਕਾਈ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਹਲਕਾ ਵਿਧਾਇਕ ਸਮੇਤ ਸਿਰਫ਼ ਸੱਤ ਮੈਂਬਰਾਂ ਦੀ ਮੌਜੂਦਗੀ ਵਿੱਚ ਹੀ ਸਿੱਧੇ ਤੌਰ ’ਤੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾ ਦਿੱਤੀ ਗਈ, ਜੋ ਕਿ ਸ਼ਰੇਆਮ ਕਾਨੂੰਨ ਦੀ ਉਲੰਘਣਾ ਅਤੇ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਵਿਰੁੱਧ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਾਨੂੰਨੀ ਮਾਹਿਰਾਂ ਅਤੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ। ਬਹੁਤ ਜਲਦ ਹੀ ਕਾਂਗਰਸੀ ਕੌਂਸਲਰਾਂ ਵੱਲੋਂ ਇਸ ਗੈਰ-ਕਾਨੂੰਨੀ ਚੋਣ ਪ੍ਰਕਿਰਿਆ ਨੂੰ ਮਾਨਯੋਗ ਹਾਈਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ ਤਾਂ ਜੋ ਲੋਕਤੰਤਰ ਦੀ ਰੱਖਿਆ ਕੀਤੀ ਜਾ ਸਕੇ। ਇਸ ਮੌਕੇ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਰਜੇਸ਼ ਸਿਸੋਦੀਆ ਨੇ ਪੁਲਿਸ ਪ੍ਰਸ਼ਾਸਨ ਵੱਲੋ ਉਨਾਂ ਨਾਲ ਕੀਤੀ ਕੁੱਟਮਾਰ, ਕੱਪੜੇ ਫਾੜਨ ਅਤੇ ਚੋਣ ਹਾਲ ਵਿਚ ਜਾਣ ਦੀ ਆਗਿਆ ਨਾ ਦੇ ਕੇ ਜਬਰਦਸਤੀ ਵੱਖਰੇ ਕਮਰੇ ਵਿਚ ਬੰਦ ਕਰਨ ਸਬੰਧੀ ਸ਼ਹਿਰ ਵਾਸੀਆ ਨੂੰ ਜਾਣੂ ਕਰਵਾਇਆ ਅਤੇ ਇਸ ਨੂੰ ਗੁੰਡਾਗਰਦੀ ਕਰਾਰ ਦਿੱਤਾ। ਇਸ ਮੌਕੇ ਕੌਂਸਲਰ ਸੁਰਿੰਦਰ ਕੌਰ, ਕੌਂਸਲਰ ਮਹਿੰਦਰ ਸਿੰਘ ਢਿੱਲੋ, ਕੌਂਸਲਰ ਕਮਲਜੀਤ ਕੌਰ ਬਾਜਵਾ, ਕੌਂਸਲਰ ਗੁੰਜਨ ਸੂਦ, ਕੌਂਸਲਰ ਰਜੇਸ਼ ਕੁਮਾਰ ਸਸ਼ੋਧੀਆ, ਕੌਂਸਲਰ ਪਿੰਕੀ ਕੌਰ, ਬਲਵਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਲਾਲਾ, ਗੁਰੂ ਸ਼ੇਰ ਗਿੱਲ, ਕਾਂਗਰਸੀ ਆਗੂ ਬਚਨ ਨਾਲ ਵਰਮਾ, ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਸਨੂੰ ਦੱਤ, ਸਨੀ ਭੂਮਕ ਜਸਵਿੰਦਰ ਸਿੰਘ ਕੋਹਲੀ ਆਦਿ ਹਾਜ਼ਰ ਸਨ।