ਕਾਹਨਪੁਰ ਖੂਹੀ, 12 ਜੁਲਾਈ (ਗੁਰਬੀਰ ਸਿੰਘ ਵਾਲੀਆ)-ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਡਾ. ਹਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਪਿੰਡ ਝੱਜ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਵਾਸੀਆਂ ਨੂੰ ਵਧਦੀ ਆਬਾਦੀ ਦੇ ਸਮਾਜਿਕ, ਆਰਥਿਕ ਅਤੇ ਸਿਹਤ ਸੰਬੰਧੀ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਰ ਸਾਲ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਉਦੇਸ਼ ਲੋਕਾਂ ਨੂੰ ਵਧਦੀ ਆਬਾਦੀ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪਰਿਵਾਰ ਨਿਯੋਜਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਛੋਟਾ ਅਤੇ ਸੁਖੀ ਪਰਿਵਾਰ ਹੀ ਖ਼ੁਸ਼ਹਾਲ ਸਮਾਜ ਦੀ ਨੀਂਹ ਹੈ। ਸੀਮਤ ਪਰਿਵਾਰ ਰਾਹੀਂ ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਇਸ ਲਈ ਹਰ ਜੋੜੇ ਨੂੰ ਪਰਿਵਾਰ ਨਿਯੋਜਨ ਦੇ ਸਾਧਨਾਂ ਦੀ ਵਰਤੋਂ ਕਰਦਿਆਂ ਜ਼ਿੰਮੇਵਾਰ ਨਾਗਰਿਕ ਵਜੋਂ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਪਰਿਵਾਰ ਨਿਯੋਜਨ ਸਬੰਧੀ ਸਰਕਾਰੀ ਸਿਹਤ ਸੇਵਾਵਾਂ ਅਤੇ ਉਪਲਬਧ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਸਿਹਤ ਵਿਭਾਗ ਵਲੋਂ ਦਿੱਤੇ ਗਏ ਸੰਦੇਸ਼ ਨੂੰ ਅਪਣਾਉਣ ਦਾ ਭਰੋਸਾ ਦਿੱਤਾ।