ਨੂਰਪੁਰ ਬੇਦੀ, 12 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨੂਰਪੁਰ ਬੇਦੀ ਬਲਾਕ ਦੇ ਪਿੰਡ ਕਾਂਗੜ, ਜੱਟਪੁਰ ਅਤੇ ਸਾਊ ਪੁਰ ਤੋਂ ਸ਼ਰਧਾਲੂਆਂ ਦਾ ਜਥਾ ਦੋ ਰਾਤਾਂ ਤੇ ਤਿੰਨ ਦਿਨਾਂ ਦੀ ਧਾਰਮਿਕ ਯਾਤਰਾ ਲਈ ਅੰਮ੍ਰਿਤਸਰ ਰਵਾਨਾ ਕੀਤਾ ਗਿਆ। ਇਹ ਜਥਾ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਅਤੇ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ ਵਲੋਂ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ ਵਾਂਗ ਲੋਕਾਂ ਨੂੰ ਇਕੱਠੇ ਹੋ ਕੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕਰਨ ਦਾ ਸਬੱਬ ਮਿਲਿਆ ਹੈ, ਜਿਸ ਨਾਲ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨੌਜਵਾਨ ਪੀੜ੍ਹੀ ਨੂੰ ਆਪਣੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦਾ ਵੀ ਮਹੱਤਵਪੂਰਨ ਸਾਧਨ ਹਨ। ਲਾਲੀ ਤੇ ਨਾਗਰਾ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ, ਜ਼ਿਲ੍ਹਿਆਂ ਵਾਲਾ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਵਾਹਗਾ ਬਾਰਡਰ ਵਿਖੇ ਰਿਟਰੀਟ ਸਮਾਗਮ ਦਾ ਵੀ ਅਨੰਦ ਮਾਣਨਗੇ। ਇਹ ਯਾਤਰਾ ਦੋ ਰਾਤਾਂ ਅਤੇ ਤਿੰਨ ਦਿਨਾਂ ਦੀ ਹੈ, ਜਿਸ ਦੌਰਾਨ ਯਾਤਰੀਆਂ ਲਈ ਸਰਕਾਰ ਵਲੋਂ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਆਮ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪਵਿੱਤਰ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦੀ ਭਰਪੂਰ ਸ਼ਲਾਘਾ ਕੀਤੀ।