ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਭਰ ਵਿਚ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੇ 10ਵੇਂ ਦਿਨ ਰੂਪਨਗਰ ਸ਼ਹਿਰ ਵਿਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਥਾ ਖ਼ਤਮ ਕਰਨ ਅਤੇ ਤਨਖ਼ਾਹਾਂ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਚੱਲ ਰਹੀ ਹੜਤਾਲ ਵਿਚ ਪੱਕੇ ਸਫ਼ਾਈ ਕਰਮਚਾਰੀ ਵੀ ਸ਼ਾਮਲ ਹੋਣ ਕਾਰਨ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਅਤੇ ਸੀਵਰੇਜ ਪ੍ਰਬੰਧ ਲਗਭਗ ਠੱਪ ਹੋ ਗਏ ਹਨ। ਸ਼ਹਿਰ ਦੇ ਕਈ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਸੀਵਰੇਜ ਓਵਰਫ਼ਲੋ ਹੋਣ ਕਾਰਨ ਬਦਬੂ ਫੈਲ ਰਹੀ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲ ਕਾਰਨ ਨਵੇਂ ਚੁਣੇ ਗਏ ਨਗਰ ਕੌਂਸਲ ਦੇ ਨੁਮਾਇੰਦਿਆਂ ਨੂੰ ਵੀ ਲੋਕਾਂ ਅਤੇ ਵਿਰੋਧੀ ਧਿਰ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਇੰਦਰਪਾਲ ਸਿੰਘ (ਰਾਜੂ) ਸਤਿਆਲ ਅਤੇ ਹੋਰ ਕੌਂਸਲਰਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਆਪਣਾ ਪੱਖ ਰੱਖਿਆ। ਰੂਪਨਗਰ ਵਿਚ ਕੂੜੇ ਦੇ ਢੇਰਾਂ ਕੋਲ ਕਾਂਗਰਸ ਦੇ ਇੱਕ ਧੜੇ ਵਲੋਂ ਕੀਤੇ ਗਏ ਪ੍ਰਦਰਸ਼ਨ ‘ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰਧਾਨ ਰਾਜੂ ਸਤਿਆਲ ਨੇ ਕਿਹਾ ਕਿ-’’ਜਿਹੜੇ ਲੀਡਰ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ ਅਤੇ ਚੋਣਾਂ ਵਿਚ ਬੁਰੀ ਤਰ੍ਹਾਂ ਹਾਰ ਚੁੱਕੇ ਹਨ, ਉਹ ਹੁਣ ਕੂੜੇ ਦੇ ਢੇਰਾਂ ਕੋਲ ਖੜ੍ਹ ਕੇ ਫੋਕੀ ਸਿਆਸਤ ਕਰ ਰਹੇ ਹਨ। ਪੰਜਾਬ ਸਰਕਾਰ ਇਸ ਮਸਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਪੂਰੇ ਸੂਬੇ ਵਿਚ ਚੱਲ ਰਹੀ ਹੜਤਾਲ ਦਾ ਗੱਲਬਾਤ ਰਾਹੀਂ ਹੱਲ ਕੱਢਣ ਲਈ ਯਤਨਸ਼ੀਲ ਹੈ।’’ ਉਨ੍ਹਾਂ ਕਿਹਾ ਕਿ ਜਦੋਂ ਬੀਤੇ ਵਰ੍ਹਿਆਂ ਵਿਚ ਰੂਪ ਨਗਰ ਵਿਚ 40 ਦਿਨ ਦੀ ਲੰਬੀ ਹੜਤਾਲ ਚੱਲੀ ਸੀ ਉਦੋਂ ਉਨਾਂ ਨੇ ਖ਼ੁਦ ਉਹਕੜਤਾਲ ਕਰਕੇ ਕੂੜੇ ਦੇ ਢੇਰਾਂ ਵਿਰੁੱਧ ਸੰਘਰਸ਼ ਕੀਤਾ ਸੀ, ਜਿਸ ਦੀਆਂ ਫ਼ੋਟੋਆਂ ਹੁਣ ਇਹ ਫੋਕੇ ਲੀਡਰ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਇਹ ਫੋਕੇ ਲੀਡਰ 15 ਮਿੰਟ ਇੱਥੋਂ ਫ਼ੋਟੋ ਖਿਚਾ ਕੇ ਗੰਦੀ ਸਿਆਸਤ ਕਰਕੇ ਖਿਸਕ ਜਾਂਦੇ ਹਨ, ਉਨਾਂ ਕਿਹਾ ਕਿ ਹਾਲੇ ਤੱਕ ਉਨ੍ਹਾਂ ਨੇ ਨਗਰ ਕੌਂਸਲ ਪ੍ਰਧਾਨ ਦਾ ਰਸਮੀ ਚਾਰਜ ਵੀ ਨਹੀਂ ਸੰਭਾਲਿਆ ਅਤੇ ਨਾ ਹੀ ਸਰਕਾਰੀ ਨੋਟੀਫ਼ਿਕੇਸ਼ਨ ਜਾਰੀ ਹੋਇਆ ਹੈ, ਫਿਰ ਵੀ ਉਹ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਕਾਰ ਅਤੇ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿਚ ਹਨ। ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦਾ ਲੋੜੀਂਦਾ ਡਾਟਾ ਵੀ ਸਰਕਾਰ ਵਲੋਂ ਮੰਗਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਪ੍ਰਧਾਨ ਸਤਿਆਲ ਨੇ ਦੱਸਿਆ ਕਿ ਇੱਕ-ਦੋ ਦਿਨਾਂ ਵਿਚ ਸ਼ਹਿਰ ਵਿਚ ਧਾਰਮਿਕ ਸਮਾਗਮ ਅਤੇ ਸ਼ੋਭਾ ਯਾਤਰਾ ਹੋਣੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਸਫ਼ਾਈ ਕਰਮਚਾਰੀਆਂ ਨੂੰ ਘੱਟੋ-ਘੱਟ ਸੀਵਰੇਜ ਜਾਮ ਅਤੇ ਓਵਰਫ਼ਲੋ ਵਾਲੇ ਸਥਾਨਾਂ ਨੂੰ ਠੀਕ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਜਿੱਥੇ-ਜਿੱਥੇ ਸੀਵਰੇਜ ਓਵਰਫ਼ਲੋ ਹੋ ਰਿਹਾ ਹੈ, ਉੱਥੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਧਾਰਮਿਕ ਸਮਾਗਮ ਅਤੇ ਸ਼ੋਭਾ ਯਾਤਰਾ ਵਿਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਪ੍ਰਧਾਨ ਸਤਿਆਲ ਨੇ ਕਿਹਾ ਕਿ ਕੁੱਝ ਲੋਕ ਇਸ ਸੰਵੇਦਨਸ਼ੀਲ ਮਾਮਲੇ ਦਾ ਹੱਲ ਲੱਭਣ ਦੀ ਬਜਾਏ ਕੂੜੇ ਦੇ ਢੇਰਾਂ ‘ਤੇ ਖੜ੍ਹ ਕੇ ਫ਼ੋਟੋਆਂ ਖਿਚਵਾ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਆਪਣੇ ਰਾਜਨੀਤਿਕ ਵਿਰੋਧੀਆਂ ‘ਤੇ ਫ਼ੁਲ ਖ਼ੁਰਦ ਵਿਖੇ ਸਰਕਾਰੀ ਜ਼ਮੀਨਾਂ ‘ਤੇ ਕਬਜ਼ਿਆਂ ਅਤੇ ਮਾਈਨਿੰਗ ਨਾਲ ਸਬੰਧਿਤ ਦੋਸ਼ ਵੀ ਲਗਾਏ। ਇਸ ਮੌਕੇ ਵਾਰਡ ਨੰਬਰ 13 ਦੇ ਕੌਂਸਲਰ ਗੁਰਵਿੰਦਰ ਸਿੰਘ ਜੱਗੀ ਨੇ ਕਿਹਾ ਕਿ ਮੌਜੂਦਾ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਅੰਤ ਵਿਚ ਪ੍ਰਧਾਨ ਰਾਜੂ ਸਤਿਆਲ ਨੇ ਭਰੋਸਾ ਦਿਵਾਇਆ ਕਿ ਡਿਪਟੀ ਕਮਿਸ਼ਨਰ, ਐਸ.ਡੀ.ਐਮ. ਅਤੇ ਹੋਰ ਉੱਚ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਹੜਤਾਲ ਦਾ ਜਲਦ ਹੱਲ ਕੱਢ ਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਪਟੜੀ ‘ਤੇ ਲਿਆਂਦੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਧੀਰਜ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਨਗਰ ਕੌਂਸਲ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਕੌਂਸਲਰ ਅਵਤਾਰ ਸਿੰਘ ਆੜ੍ਹਤੀ , ਕੌਂਸਲਰ ਅੰਮ੍ਰਿਤਪਾਲ ਸਿੰਘ ਤੇ ਕੌਂਸਲਰ ਸੁਖਜਿੰਦਰ ਸਿੰਘ ਫ਼ੌਜੀ ਵੀ ਸ਼ਾਮਿਲ ਸਨ ।