ਨੂਰਪੁਰ ਬੇਦੀ, 17 ਜੁਲਾਈ (ਵਿੰਦਰਪਾਲ ਝਾਂਡੀਆਂ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਸਿਫ਼ਾਰਸ਼ ’ਤੇ ਸਾਬਕਾ ਸਰਪੰਚ ਰਜਿੰਦਰ ਸਿੰਘ ਰਾਣਾ ਕਰੂਰਾ ਨੂੰ ਰਾਜਪੂਤ ਵੈੱਲਫੇਅਰ ਬੋਰਡ ਦਾ ਹਲਕਾ ਰੂਪਨਗਰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਰਾਜਪੂਤ ਭਾਈਚਾਰੇ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਨਿਯੁਕਤੀ ਉਪਰੰਤ ਰਜਿੰਦਰ ਸਿੰਘ ਰਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਣ ਦਾ ਯਤਨ ਕਰਨਗੇ। ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਰਾਜਪੂਤ ਬਰਾਦਰੀ ਨੂੰ ਦਿੱਤਾ ਗਿਆ ਇਹ ਸਨਮਾਨ ਪੂਰੇ ਸਮਾਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਾਡਾ ਸਮੁੱਚਾ ਰਾਜਪੂਤ ਸਮਾਜ ਇਸ ਮਾਣ-ਸਨਮਾਨ ਲਈ ਵਿਧਾਇਕ ਦਿਨੇਸ਼ ਚੱਢਾ ਦਾ ਰਿਣੀ ਰਹੇਗਾ, ਜਿਨ੍ਹਾਂ ਦੀ ਸਿਫ਼ਾਰਸ਼ ਸਦਕਾ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਿਧਾਇਕ ਚੱਢਾ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਸਮਾਜ ਦੇ ਹਿਤਾਂ ਦੀ ਰੱਖਿਆ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਰਜਿੰਦਰ ਸਿੰਘ ਰਾਣਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਤੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੇ ਉਤਰਣਗੇ।