ਰੂਪਨਗਰ, 19 ਜੁਲਾਈ (ਯਸ਼ਵੰਤ ਬੱਸੀ)-ਭਾਰਤੀ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.-2026) ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਸਮੂਹ ਪੋਲਿੰਗ ਬੂਥਾਂ ‘ਤੇ ਲਗਾਏ ਗਏ ਵਿਸ਼ੇਸ਼ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਏ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਯੋਗ ਵੋਟਰਾਂ ਦੇ ਐਨਿਊਮਰੇਸ਼ਨ ਫਾਰਮਾਂ ਦੀ ਪ੍ਰਾਪਤੀ, ਵੋਟਰਾਂ ਦੀ ਮੈਪਿੰਗ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦਾ ਉਦੇਸ਼ ਵੋਟਰ ਸੂਚੀ ਨੂੰ ਸਹੀ, ਅੱਪਡੇਟ ਤੇ ਪਾਰਦਰਸ਼ੀ ਬਣਾਉਣਾ ਹੈ। ਇਸ ਲਈ ਹਰੇਕ ਯੋਗ ਨਾਗਰਿਕ ਦਾ ਵੇਰਵਾ ਨਿਰਧਾਰਿਤ ਸਮੇਂ ਅੰਦਰ ਦਰਜ ਕਰਨਾ ਅਤੇ ਕਿਸੇ ਵੀ ਯੋਗ ਵੋਟਰ ਨੂੰ ਵੋਟਰ ਸੂਚੀ ਤੋਂ ਵਾਂਝਾ ਨਾ ਰਹਿਣ ਦੇਣਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਐਨਿਊਮਰੇਸ਼ਨ ਫਾਰਮ ਜਮਾਂ ਨਹੀਂ ਕਰਵਾਏ, ਉਹ 3 ਅਗਸਤ 2026 ਤੋਂ ਪਹਿਲਾਂ ਆਪਣੇ ਸਬੰਧਿਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਕੇ ਫਾਰਮ ਜਮਾਂ ਕਰਵਾਉਣ ਤਾਂ ਜੋ ਉਨ੍ਹਾਂ ਦੇ ਵੇਰਵੇ ਸਮੇਂ ਸਿਰ ਡਿਜੀਟਲ ਰਿਕਾਰਡ ਵਿਚ ਸ਼ਾਮਲ ਕੀਤੇ ਜਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਆਪਣੇ ਸਬੰਧਿਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਭਾਰਤੀ ਚੋਣ ਕਮਿਸ਼ਨ ਦੇ ਟੋਲ-ਫ਼ਰੀ ਨੰਬਰ 1950 ‘ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।