ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)- ਦੇਸ਼ ਅਤੇ ਪੰਜਾਬ ਵਿਚ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੇ ਪੇਪਰ ਲੀਕ ਮਾਮਲਿਆਂ, ਨੌਜਵਾਨਾਂ ਨਾਲ ਹੋ ਰਹੇ ਕਥਿਤ ਵਿਤਕਰੇ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਪੁਲਿਸ ਵਲੋਂ ਕੀਤੀ ਗਈ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਕਾਂਗਰਸ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਨਾਲ ਹੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਲੱਖਾਂ-ਕਰੋੜਾਂ ਨੌਜਵਾਨਾਂ ਦੀ ਆਸ ਦੀ ਕਿਰਨ ਰਾਹੁਲ ਗਾਂਧੀ ਹਨ। ਉਨ੍ਹਾਂ ਦੋਸ਼ ਲਗਾਇਆ ਕਿ 20 ਜੁਲਾਈ ਨੂੰ ਨੌਜਵਾਨਾਂ ਦੇ ਹੱਕ ਵਿਚ ਕੀਤੇ ਗਏ ਸ਼ਾਂਤੀਪੂਰਨ ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਨਾਲ ਪੁਲਿਸ ਵਲੋਂ ਕੀਤਾ ਗਿਆ ਦੁਰਵਿਵਹਾਰ ਅਤੇ ਧੱਕੇਸ਼ਾਹੀ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨਾਲ ਇਸ ਤਰ੍ਹਾਂ ਦਾ ਵਿਵਹਾਰ ਲੋਕਤੰਤਰ ਦੀਆਂ ਪਰੰਪਰਾਵਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਲਗਾਤਾਰ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ। ਪੰਜਾਬ ਵਿਚ ਵੀ ਹਾਲ ਹੀ ਵਿਚ ਸਾਹਮਣੇ ਆਏ ਪੇਪਰ ਲੀਕ ਮਾਮਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਵੀ ਇਸ ਮਾਮਲੇ ਵਿਚ ਨਾਕਾਮ ਰਹੀ ਹੈ ਅਤੇ ਦੋਵੇਂ ਸਰਕਾਰਾਂ ਆਪਣੀ ਜਵਾਬਦੇਹੀ ਤੋਂ ਭੱਜ ਰਹੀਆਂ ਹਨ। ਕਾਂਗਰਸ ਆਗੂਆਂ ਨੇ ਰਾਹੁਲ ਗਾਂਧੀ ਨਾਲ ਕੀਤੀ ਗਈ ਕਥਿਤ ਧੱਕੇਸ਼ਾਹੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਨਾਲ ਹੀ ਪੇਪਰ ਲੀਕ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੰਗ ਕੀਤੀ। ਇਸ ਮੌਕੇ ਰਮੇਸ਼ ਗੋਇਲ, ਅਮਰਜੀਤ ਭੁੱਲਰ, ਰਾਜੇਸ਼ਵਰ ਲਾਲੀ, ਰਾਣਾ ਰਵਨੀਤ ਕੰਗ, ਜਗਮੋਹਨ ਸਿੰਘ (ਮੀਤ ਪ੍ਰਧਾਨ ਯੂਥ ਕਾਂਗਰਸ), ਰਾਜੇਸ਼ ਕੁਮਾਰ (ਬਲਾਕ ਪ੍ਰਧਾਨ), ਆਸਿਫ਼ (ਪ੍ਰਧਾਨ ਘੱਟ ਗਿਣਤੀ ਸੈੱਲ), ਰਾਣਾ ਸੁਰਿੰਦਰ ਮਕਾਰੀ, ਵਿਵੇਕ ਬੈਂਸ, ਸੂਰਜ ਧੀਮਾਨ, ਕਰਮ ਸਿੰਘ (ਮੀਤ ਪ੍ਰਧਾਨ), ਨੰਬਰਦਾਰ ਸੰਦੀਪ, ਰਹੀਸ ਬਾਬੂ, ਦਕਸ਼ ਕੱਕੜ, ਹਵੇਲੀ, ਦੀਪਕ ਪੁਰਖਾਲੀ, ਕਾਲਾ ਪੁਰਖਾਲੀ, ਵਿਸ਼ਾਲ ਸ਼ਰਮਾ, ਮੀਨਾ ਕੁਮਾਰੀ, ਜਸਵੀਰ ਸਿੰਘ, ਵਿਕਰਮਜੀਤ, ਕੁਲਦੀਪ ਬੈਂਸ ਅਤੇ ਦਫ਼ਤਰ ਇੰਚਾਰਜ ਭੁਪਿੰਦਰ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।