ਨੂਰਪੁਰ ਬੇਦੀ, 22 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮਨਰੇਗਾ ਦੇ ਪ੍ਰੋਜੈਕਟ ਅਫ਼ਸਰ, ਕਲੈਰੀਕਲ ਅਤੇ ਸਹਿਯੋਗੀ ਸਟਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 55 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰ ਇਸ਼ਤਿਹਾਰਾਂ ਰਾਹੀਂ ‘ਰੰਗਲਾ ਪੰਜਾਬ’ ਦੀ ਤਸਵੀਰ ਪੇਸ਼ ਕਰਨ ਵਿਚ ਰੁੱਝੀ ਹੋਈ ਹੈ। ਡਾ.ਦਲਜੀਤ ਸਿੰਘ ਚੀਮਾ ਅੱਜ ਨੂਰਪੁਰ ਬੇਦੀ ਵਿਖੇ ਧਰਨੇ ‘ਤੇ ਬੈਠੇ ਮਨਰੇਗਾ ਕਰਮਚਾਰੀਆਂ ਦੇ ਧਰਨੇ ਵਿਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਮਰਥਨ ਦਾ ਐਲਾਨ ਕੀਤਾ। ਡਾ. ਚੀਮਾ ਨੇ ਦੋਸ਼ ਲਾਇਆ ਕਿ ਮਨਰੇਗਾ ਮੁਲਾਜ਼ਮ ਪਿਛਲੇ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ ਹਨ, ਪਰ ਸਰਕਾਰ ਉਨ੍ਹਾਂ ਦੀ ਸੁਣਵਾਈ ਕਰਨ ਦੀ ਬਜਾਏ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ‘ਤੇ ਖ਼ਰਚ ਕਰ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਜਿਹੜੇ ਆਗੂ ਕਦੇ ਧਰਨਿਆਂ ਅਤੇ ਸੰਘਰਸ਼ਾਂ ਦੀ ਬਦੌਲਤ ਸੱਤਾ ਵਿਚ ਪਹੁੰਚੇ ਸਨ, ਅੱਜ ਉਹੀ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜੋ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਮੁਲਾਜ਼ਮਾਂ ਦੀਆਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕੀਤਾ ਜਾਵੇ ਅਤੇ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਭਾਈ ਅਮਰਜੀਤ ਸਿੰਘ ਚਾਵਲਾ, ਕੁਲਵੀਰ ਸਿੰਘ ਅਸਮਾਨਪੁਰ, ਹੁਸਨ ਲਾਲ ਮਾਠਾਣ ਅਤੇ ਹੋਰ ਵੀ ਹਾਜ਼ਰ ਸਨ ।