ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਬਾਰਸ਼ ਤੋਂ ਬਾਅਦ ਰੂਪਨਗਰ ਦੇ ਟਰਾਂਸਪੋਰਟ ਨਗਰ ਵਿਚ ਪਾਣੀ ਭਰਨ ਕਾਰਨ ਆਵਾਜਾਈ ਅਤੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੜਕਾਂ ਅਤੇ ਦੁਕਾਨਾਂ ਦੇ ਬਾਹਰ ਲੰਬੇ ਸਮੇਂ ਤੱਕ ਪਾਣੀ ਖੜ੍ਹਾ ਰਹਿਣ ਕਾਰਨ ਟਰਾਂਸਪੋਰਟਰਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਟਰਾਂਸਪੋਰਟਰਾਂ, ਮਕੈਨਿਕਾਂ ਅਤੇ ਵਪਾਰੀਆਂ ਨੇ ਦੱਸਿਆ ਕਿ ਹਰ ਬਾਰਸ਼ ਮਗਰੋਂ ਇਲਾਕੇ ਦੀ ਹਾਲਤ ਨਰਕ ਵਰਗੀ ਬਣ ਜਾਂਦੀ ਹੈ। ਪਾਣੀ ਭਰਨ ਨਾਲ ਟਰੱਕਾਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਕਾਰੋਬਾਰ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਕਾਰਨ ਮੱਛਰਾਂ ਦੀ ਭਰਮਾਰ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਗਿਆ ਹੈ, ਜਦਕਿ ਬਿਜਲੀ ਮਕੈਨਿਕਾਂ ਨੂੰ ਕਰੰਟ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਪ੍ਰਭਾਵਿਤ ਵਪਾਰੀਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਗੰਦੇ ਨਾਲਿਆਂ ਅਤੇ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਬਰਸਾਤੀ ਪਾਣੀ ਦੀ ਨਿਕਾਸੀ ਲਈ ਸਥਾਈ ਪ੍ਰਬੰਧ ਕੀਤੇ ਜਾਣ, ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ ਅਤੇ ਬਰਸਾਤ ਦੌਰਾਨ ਪਾਣੀ ਦੀ ਨਿਕਾਸੀ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣ। ਵਪਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਪ੍ਰਸ਼ਾਸਨ ਅਤੇ ਨਗਰ ਕੌਂਸਲ ਖ਼ਿਲਾਫ਼ ਸੰਘਰਸ਼ ਅਤੇ ਧਰਨਾ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।