ਰੂਪਨਗਰ, 24 ਜੁਲਾਈ (ਯਸ਼ਵੰਤ ਬੱਸੀ)- ਪੰਜਾਬ ਸਰਕਾਰ ਵਲੋਂ 29 ਜੁਲਾਈ ਨੂੰ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲੈਂਦਿਆਂ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਗਈਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਗਮ ਧਾਰਮਿਕ ਆਸਥਾ ਅਤੇ ਸਭਿਆਚਾਰਕ ਵਿਰਾਸਤ ਨਾਲ ਜੁੜਿਆ ਇੱਕ ਮਹੱਤਵਪੂਰਨ ਆਯੋਜਨ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਸ਼ਰਧਾ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਹਰ ਪ੍ਰਬੰਧ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਸਮਾਗਮ ਵਿਚ ਪਹੁੰਚਣ ਵਾਲੀ ਹਰ ਸੰਗਤ ਨੂੰ ਸੁਖਦ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ। ਇਸ ਲਈ ਪਾਰਕਿੰਗ, ਆਵਾਜਾਈ, ਟਰੈਫਿਕ ਪ੍ਰਬੰਧਨ, ਸੁਰੱਖਿਆ, ਬੈਠਣ ਦੀ ਵਿਵਸਥਾ, ਪੀਣ ਵਾਲੇ ਪਾਣੀ, ਲੰਗਰ, ਸਫ਼ਾਈ, ਰੌਸ਼ਨੀ, ਐਮਰਜੈਂਸੀ ਮੈਡੀਕਲ ਸੇਵਾਵਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਜੁਲਾਈ ਨੂੰ ਸ਼ਾਮ 6 ਵਜੇ ਸਮਾਗਮ ਦਾ ਆਗਾਜ਼ ਹੋਵੇਗਾ। ਇਸ ਦੌਰਾਨ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨ ਲਈ ਉੱਚ ਕੋਟੀ ਦੇ ਭਜਨ ਗਾਇਕ ਅਤੇ ਕਲਾਕਾਰ ਆਪਣੀ ਹਾਜ਼ਰੀ ਲਗਾਉਣਗੇ, ਜੋ ਭਗਤੀਮਈ ਮਾਹੌਲ ਸਿਰਜਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਵਿਸ਼ਾਲ ਆਧਿਆਤਮਿਕ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ ਅਤੇ ਭਗਤੀ ਰਸ ਦਾ ਆਨੰਦ ਮਾਣਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐਸ.ਪੀ. ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਚੇਤਨ ਬੰਗੜ, ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜਨਰਲ ਮੈਨੇਜਰ ਰੋਡਵੇਜ਼ ਪਰਮਵੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਬੀ.ਡੀ.ਪੀ.ਓ. ਰੂਪਨਗਰ ਅਮਿਤ ਸ਼ਰਮਾ, ਬੀ.ਡੀ.ਪੀ.ਓ. ਨੂਰਪੁਰ ਬੇਦੀ ਅਮਰੀਕ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।