ਰੂਪਨਗਰ, 24 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਵਿਰੋਧ ਵਿਚ ਜੁਆਇੰਟ ਫੋਰਮ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਰੋਪੜ ਸਰਕਲ ਦੇ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ। ਧਰਨੇ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਅਕਬਰਪੁਰ ਨੇ ਕੀਤੀ। ਧਰਨੇ ਨੂੰ ਗੁਰਵਿੰਦਰ ਸਿੰਘ ਹਜ਼ਾਰਾ, ਨਰਿੰਦਰ ਸਿੰਘ ਸੈਣੀ, ਮਨਜਿੰਦਰ ਸਿੰਘ, ਰਾਧੇ ਸ਼ਾਮ, ਰਣਜੀਤ ਗਿੱਲ, ਦਵਿੰਦਰ ਸਿੰਘ, ਇੰਜੀ. ਸੋਮਪ੍ਰੀਤ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਹੀਰਾ ਸਿੰਘ, ਤਰਨਵੀਰ ਸਿੱਧੂ, ਗੁਰਕਾਲ ਸਿੰਘ, ਸੁਰਿੰਦਰ ਸਿੰਘ ਬਾਬਾ ਅਤੇ ਸੈਣੀ ਸਮਾਜ ਰੂਪਨਗਰ ਦੇ ਪ੍ਰਧਾਨ ਹਰਜੀਤ ਸਿੰਘ ਲੌਂਗੀਆ ਨੇ ਵੀ ਧਰਨੇ ਵਿਚ ਸ਼ਮੂਲੀਅਤ ਕਰਕੇ ਮੁਲਾਜ਼ਮਾਂ ਨੂੰ ਪੂਰਨ ਸਮਰਥਨ ਦਿੱਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਪਾਵਰਕਾਮ ਵਲੋਂ ਮੰਗਾਂ ’ਤੇ ਸਹਿਮਤੀ ਦੇ ਬਾਵਜੂਦ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪ੍ਰੋਬੇਸ਼ਨ ਸਮੇਂ ਪੂਰੀ ਤਨਖ਼ਾਹ ਦੇਣ ਸਮੇਤ ਹੋਰ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।