ਰੂਪਨਗਰ, 25 ਜੁਲਾਈ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ 17 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਸਮਾਜ ਸੇਵੀ ਮਦਨ ਲਾਲ ਆਪਣੇ ਦਰਜਨਾਂ ਸਮਰਥਕਾਂ ਸਮੇਤ ਅਤੇ ਵਾਰਡ ਨੰਬਰ 12 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਨਗਰ ਕੌਂਸਲ ਚੋਣ ਲੜ ਚੁੱਕੇ ਨੌਜਵਾਨ ਆਗੂ ਅਮਰਪ੍ਰੀਤ ਸਿੰਘ ਨੰਨਾ ਭਾਜਪਾ ਵਿਚ ਸ਼ਾਮਲ ਹੋ ਗਏ। ਅਮਰਪ੍ਰੀਤ ਸਿੰਘ ਨੰਨਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜ਼ਰੀ ਵਿਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਰੂਪਨਗਰ ਵਿਚ ਭਾਜਪਾ ਦਾ ਜਨਾਧਾਰ ਲਗਾਤਾਰ ਵਧ ਰਿਹਾ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਆਗੂਆਂ ਦਾ ਭਾਜਪਾ ਵਿਚ ਸ਼ਾਮਲ ਹੋਣਾ ਲੋਕਾਂ ਦੇ ਪਾਰਟੀ ਪ੍ਰਤੀ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਮਜ਼ਬੂਤ ਪ੍ਰਦਰਸ਼ਨ ਕਰੇਗੀ ਅਤੇ ਵਿਰੋਧੀ ਪਾਰਟੀਆਂ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਤੋਂ ਬੁਖਲਾਈਆਂ ਹੋਈਆਂ ਹਨ। ਮਦਨ ਲਾਲ ਅਤੇ ਅਮਰਪ੍ਰੀਤ ਸਿੰਘ ਨੰਨਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਕਾਸ, ਸੁਸ਼ਾਸਨ ਅਤੇ ਰਾਸ਼ਟਰ ਹਿਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਆਪਣੇ ਸਾਥੀਆਂ ਸਮੇਤ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਬੂਥ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ। ਇਸ ਮੌਕੇ ਜਗਦੀਸ਼ ਚੰਦਰ ਕਾਜਲਾ (ਸਰਕਲ ਪ੍ਰਧਾਨ), ਦੀਪਕ ਕੁਮਾਰ, ਰਮਨ ਕਾਲੀਆ ਅਤੇ ਭਾਜਪਾ ਦੇ ਹੋਰ ਆਗੂ ਤੇ ਵਰਕਰ ਵੀ ਮੌਜੂਦ ਸਨ।