ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)- ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਦੁਬਾਰਾ ਨਿਯੁਕਤ ਹੋਣ ਉਪਰੰਤ ਅਜੈਵੀਰ ਸਿੰਘ ਲਾਲਪੁਰਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਸ਼ਿਸ਼ਟਾਚਾਰਕ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਸ਼ੀਰਵਾਦ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਾਰਗ ਦਰਸ਼ਨ ਪ੍ਰਾਪਤ ਕੀਤਾ। ਮੁਲਾਕਾਤ ਦੌਰਾਨ ਅਰਜੁਨ ਰਾਮ ਮੇਘਵਾਲ ਨੇ ਲਾਲਪੁਰਾ ਨੂੰ ਦੁਬਾਰਾ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ-ਵਿਵਸਥਾ, ਨਸ਼ਿਆਂ ਦੀ ਸਮੱਸਿਆ, ਗੈਂਗਸਟਰ ਵਾਦ, ਲੋਕਾਂ ਦੀ ਸੁਰੱਖਿਆ ਅਤੇ ਹੋਰ ਜਨਤਕ ਮੁੱਦਿਆਂ ਬਾਰੇ ਕੇਂਦਰੀ ਮੰਤਰੀ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਂਦੇ ਹੋਏ ਲੋਕ ਸੇਵਾ, ਸੁਸ਼ਾਸਨ ਅਤੇ ਵਿਕਾਸ ਲਈ ਨਿਰੰਤਰ ਕੰਮ ਕਰਦੇ ਰਹਿਣਗੇ।