ਨੂਰਪੁਰ ਬੇਦੀ, 29 ਜੁਲਾਈ (ਵਿੰਦਰਪਾਲ ਝਾਂਡੀਆਂ)-ਭਾਰਤੀ ਜਨਤਾ ਪਾਰਟੀ ਦੇ ਰੂਪਨਗਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਝਾਂਡੀਆਂ ਖ਼ੁਰਦ ਦਾ ਦੌਰਾ ਕਰਕੇ ਪਾਰਟੀ ਦੇ ਮਿਹਨਤੀ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ, ਲੋਕਾਂ ਦੀਆਂ ਸਮੱਸਿਆਵਾਂ, ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਭਾਜਪਾ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਲਾਲਪੁਰਾ ਨੇ ਕਿਹਾ ਕਿ ਭਾਜਪਾ ਦਾ ਸਭ ਤੋਂ ਵੱਡਾ ਆਧਾਰ ਉਸ ਦੇ ਸਮਰਪਿਤ ਵਰਕਰ ਹਨ, ਜੋ ਬਿਨਾਂ ਕਿਸੇ ਸਵਾਰਥ ਦੇ ਲੋਕਾਂ ਦੀ ਸੇਵਾ ਕਰਦੇ ਹੋਏ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਭਾਜਪਾ ਲਗਾਤਾਰ ਲੋਕਾਂ ਦਾ ਵਿਸ਼ਵਾਸ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਸਮਾਜ ਦੇ ਹਰ ਵਰਗ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾ ਰਿਹਾ ਹੈ। ਇਸ ਮੌਕੇ ਪਿੰਡ ਦੇ ਵਰਕਰਾਂ ਅਤੇ ਸਮਰਥਕਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਸੁਝਾਅ ਰੱਖੇ। ਲਾਲਪੁਰਾ ਨੇ ਭਰੋਸਾ ਦਿੱਤਾ ਕਿ ਲੋਕਾਂ ਨਾਲ ਜੁੜੇ ਹਰ ਜਾਇਜ਼ ਮੁੱਦੇ ਨੂੰ ਪੂਰੀ ਗੰਭੀਰਤਾ ਨਾਲ ਉਠਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਅੰਤ ਵਿਚ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਝਾਂਡੀਆਂ ਖ਼ੁਰਦ ਦੇ ਸਮੂਹ ਵਰਕਰਾਂ, ਅਹੁਦੇਦਾਰਾਂ, ਸਮਰਥਕਾਂ ਅਤੇ ਪਿੰਡ ਵਾਸੀਆਂ ਵਲੋਂ ਦਿੱਤੇ ਗਏ ਪਿਆਰ, ਸਤਿਕਾਰ ਅਤੇ ਭਰਪੂਰ ਸਹਿਯੋਗ ਲਈ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਹਮੇਸ਼ਾ ਲੋਕ ਸੇਵਾ, ਵਿਕਾਸ ਅਤੇ ਰਾਸ਼ਟਰ ਹਿਤ ਲਈ ਸਮਰਪਿਤ ਰਹੇਗੀ ਅਤੇ ਪਾਰਟੀ ਦਾ ਹਰ ਵਰਕਰ ਇਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦਾ ਰਹੇਗਾ। ਇਸ ਮੌਕੇ ਰੌਸ਼ਨ ਲਾਲ ਰਾਣਾ, ਕ੍ਰਿਸ਼ਨ ਕੁਮਾਰ ਅੱਤਰੀ, ਭਵੀਸ਼ਣ ਸਿੰਘ ਰਾਣਾ, ਨੰਬਰਦਾਰ ਹਰਮੇਸ਼ ਸਿੰਘ, ਜਗਦੀਸ਼ ਸਿੰਘ ਰਾਣਾ, ਜਨਕ ਸਿੰਘ ਰਾਣਾ, ਵਿਜੈ ਕੁਮਾਰ ਰਾਣਾ, ਲਾਲ ਬਹਾਦਰ ਸਿੰਘ, ਅਮਰਜੀਤ ਸਿੰਘ, ਹਰਸ਼ ਰਾਣਾ, ਸੁਰੇਸ਼ ਕੁਮਾਰ ਆਦਿ ਮੌਜੂਦ ਸਨ।