01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੜਕ ਹਾਦਸਾ ਪੀੜਤਾਂ ਦੀ ਜਾਨ ਬਚਾਉਣ ਲਈ ਪੀ. ਐਮ. ਰਾਹਤ ਯੋਜਨਾ ਦਾ ਲਾਭ ਉਠਾਇਆ ਜਾਵੇ-ਆਰ. ਟੀ. ਓ.

Ad Position 21
No active advertisement
ਅਜੀਤ ਡੈਸਕ 01-08-2026
ਰੂਪਨਗਰ, 31 ਜੁਲਾਈ (ਯਸ਼ਵੰਤ ਬੱਸੀ)- ਰਿਜਨਲ ਟਰਾਂਸਪੋਰਟ ਅਫ਼ਸਰ ਰੂਪਨਗਰ ਰਾਜਪਾਲ ਸਿੰਘ ਸੇਖੋਂ ਨੇ ਕਿਹਾ ਕਿ ਸੜਕ ਹਾਦਸਿਆਂ ਵਿਚ ਜ਼ਖ਼ਮੀ ਵਿਅਕਤੀਆਂ ਦੀ ਜਾਨ ਬਚਾਉਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਰਾਹਤ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੜਕ ਹਾਦਸੇ ਦੀ ਸਥਿਤੀ ਵਿਚ ਜ਼ਖ਼ਮੀ ਵਿਅਕਤੀ ਦੀ ਤੁਰੰਤ ਮਦਦ ਕਰਦੇ ਹੋਏ ਬਿਨਾਂ ਕਿਸੇ ਡਰ ਜਾਂ ਹਿਚਕਚਾਹਟ ਦੇ ਉਸ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ ਪਹੁੰਚਾਇਆ ਜਾਵੇ। ਆਰ. ਟੀ. ਓ. ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੜਕ ਹਾਦਸੇ ਦੇ ਹਰ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ 7 ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ 24 ਤੋਂ 48 ਘੰਟੇ, ਜਿਨ੍ਹਾਂ ਨੂੰ ‘ਗੋਲਡਨ ਆਵਰ’ ਕਿਹਾ ਜਾਂਦਾ ਹੈ, ਜ਼ਖ਼ਮੀ ਦੀ ਜਾਨ ਬਚਾਉਣ ਲਈ ਸਭ ਤੋਂ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਦੀਆਂ ਸੜਕਾਂ ’ਤੇ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਹਰ ਭਾਰਤੀ ਜਾਂ ਵਿਦੇਸ਼ੀ ਨਾਗਰਿਕ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਇਸ ਲਈ ਵਾਹਨ ਦਾ ਬੀਮਾ ਹੋਣਾ ਵੀ ਲਾਜ਼ਮੀ ਨਹੀਂ ਹੈ। ਹਾਦਸੇ ਦੀ ਸਥਿਤੀ ਵਿਚ ਐਂਬੂਲੈਂਸ ਅਤੇ ਨਜ਼ਦੀਕੀ ਸੂਚੀਬੱਧ ਹਸਪਤਾਲ ਬਾਰੇ ਜਾਣਕਾਰੀ ਲਈ 112 ਹੈਲਪਲਾਈਨ ’ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ। ਰਾਜਪਾਲ ਸਿੰਘ ਸੇਖੋਂ ਨੇ ਅੱਗੇ ਦੱਸਿਆ ਕਿ ‘ਰਾਹ-ਵੀਰ ਯੋਜਨਾ’ ਤਹਿਤ ਜੋ ਵਿਅਕਤੀ ਹਾਦਸੇ ਤੋਂ ਬਾਅਦ ਪਹਿਲੇ 60 ਮਿੰਟਾਂ ਦੇ ਅੰਦਰ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਿਚ ਸਹਾਇਤਾ ਕਰਦਾ ਹੈ, ਉਸ ਨੂੰ 25,000 ਰੁਪਏ ਦਾ ਨਕਦ ਇਨਾਮ ਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਂਦਾ ਹੈ। ਜੇਕਰ ਇੱਕ ਤੋਂ ਵੱਧ ਵਿਅਕਤੀ ਮਿਲ ਕੇ ਮਦਦ ਕਰਦੇ ਹਨ ਤਾਂ ਇਨਾਮ ਦੀ ਰਕਮ ਬਰਾਬਰ ਵੰਡ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਹਰ ਸਾਲ ਸਰਵੋਤਮ ਰਾਹ-ਵੀਰਾਂ ਨੂੰ ਰਾਸ਼ਟਰੀ ਪੱਧਰ ’ਤੇ 1 ਲੱਖ ਰੁਪਏ ਦੇ ਇਨਾਮ ਅਤੇ ਟਰਾਫ਼ੀ ਨਾਲ ਸਨਮਾਨਿਤ ਵੀ ਕੀਤਾ ਜਾਂਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਰਾਹ-ਵੀਰ ਨੂੰ ਪੁਲਿਸ ਜਾਂ ਹਸਪਤਾਲ ਵਲੋਂ ਬੇਲੋੜੀ ਪੁੱਛਗਿੱਛ, ਐਫ. ਆਈ. ਆਰ. ਦਰਜ ਕਰਵਾਉਣ ਜਾਂ ਗਵਾਹ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਸਥਾਨਕ ਪੁਲਿਸ ਅਤੇ ਮੈਡੀਕਲ ਅਥਾਰਟੀ ਦੀ ਪੁਸ਼ਟੀ ਉਪਰੰਤ ਜ਼ਿਲ੍ਹਾ ਮੁਲਾਂਕਣ ਕਮੇਟੀ ਦੀ ਸਿਫ਼ਾਰਸ਼ ’ਤੇ ਇਨਾਮ ਦੀ ਰਕਮ ਸਿੱਧੀ ਲਾਭਪਾਤਰੀ ਦੇ ਬੈਂਕ ਖਾਤੇ ਵਿਚ ਭੇਜੀ ਜਾਂਦੀ ਹੈ। ਆਰ. ਟੀ. ਓ. ਰਾਜਪਾਲ ਸਿੰਘ ਸੇਖੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਹਾਦਸੇ ਦੀ ਸਥਿਤੀ ਵਿਚ ਮਨੁੱਖਤਾ ਦਾ ਫ਼ਰਜ਼ ਨਿਭਾਉਂਦੇ ਹੋਏ ਜ਼ਖ਼ਮੀ ਵਿਅਕਤੀ ਦੀ ਤੁਰੰਤ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਹਾਡੀ ਸਮੇਂ ਸਿਰ ਕੀਤੀ ਇਕ ਛੋਟੀ ਜਿਹੀ ਮਦਦ ਕਿਸੇ ਦੀ ਕੀਮਤੀ ਜਾਨ ਬਚਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜਨਤਕ ਵੰਡ ਪ੍ਰਣਾਲੀ ਦੀ ਹੋਈ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਪੁਲਿਸ ਜਬਰ ਰੋਕਿਆ ਜਾਵੇ- ਕਾ. ਸੁਰਜੀਤ ਸਿੰਘ ਢੇਰ
Ad Position 24
No active advertisement