ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਰੋਸ
ਨੂਰਪੁਰ ਬੇਦੀ , 2 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਸੱਤ ਮਹੀਨਿਆਂ ਤੋਂ ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਨੂਰਪੁਰ ਬੇਦੀ , 2 ਅਗਸਤ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਸੱਤ ਮਹੀਨਿਆਂ ਤੋਂ ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਜਨਰਲ ਸਕੱਤਰ ਸ਼ਰਨਜੀਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਧਿਆਪਕ ਅਤੇ ਹੋਰ ਮੁਲਾਜ਼ਮ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਸੱਤ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਦੀ ਆਰਥਿਕ ਹਾਲਤ ਬੇਹੱਦ ਖ਼ਰਾਬ ਹੋ ਚੁੱਕੀ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਅਧਿਆਪਕਾਂ ਨੂੰ ਤਨਖ਼ਾਹ ਦੇਣ ਵਿਚ ਅਸਫਲ ਰਹੀ ਹੈ । ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਕਿ ਨਿੱਜੀ ਦਖ਼ਲ ਦੇ ਕੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ ਤਾਂ ਜੋ ਕਰਮਚਾਰੀਆਂ ਨੂੰ ਰਾਹਤ ਮਿਲ ਸਕੇ।