ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਦਿਆਰਥੀ, ਅਧਿਆਪਕ ਤੇ ਮਾਹਿਰ।
ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਗ ਦਾਨ ਬਾਰੇ ਕੀਤਾ ਜਾਗਰੂਕ
ਰੂਪਨਗਰ, 3 ਅਗਸਤ (ਯਸ਼ਵੰਤ ਬੱਸੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੂਪਨਗਰ ਵਿਖੇ ਅੰਗ ਦਾਨ ਦਿਵਸ ਦੇ ਮੌਕੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅੰਗ ਦਾਨ ਦੀ ਮਹੱਤਤਾ ਤੇ ਇਸ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਰੂਪਨਗਰ, 3 ਅਗਸਤ (ਯਸ਼ਵੰਤ ਬੱਸੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੂਪਨਗਰ ਵਿਖੇ ਅੰਗ ਦਾਨ ਦਿਵਸ ਦੇ ਮੌਕੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅੰਗ ਦਾਨ ਦੀ ਮਹੱਤਤਾ ਤੇ ਇਸ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਗੁਰਮੀਤ ਕੌਰ ਅਤੇ ਰਵਿੰਦਰ ਸਿੰਘ ਨੇ ਕਿਹਾ ਕਿ ਅੰਗ ਦਾਨ ਮਨੁੱਖਤਾ ਦੀ ਸਭ ਤੋਂ ਮਹਾਨ ਸੇਵਾਵਾਂ ਵਿੱਚੋਂ ਇੱਕ ਹੈ, ਜਿਸ ਰਾਹੀਂ ਕਈ ਲੋੜਵੰਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅੱਖਾਂ, ਗੁਰਦੇ, ਦਿਲ, ਜਿਗਰ ਸਮੇਤ ਹੋਰ ਅੰਗਾਂ ਦਾ ਦਾਨ ਕਰਕੇ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਮਰਨ ਉਪਰੰਤ ਆਪਣੇ ਅੰਗ ਦਾਨ ਕਰਕੇ ਅੱਠ ਵਿਅਕਤੀਆਂ ਦੀ ਜਾਨ ਬਚਾਉਣ ਵਿਚ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਗ ਦਾਨ ਸਬੰਧੀ ਸਮਾਜ ਵਿਚ ਅਜੇ ਵੀ ਕਈ ਭਰਮ ਅਤੇ ਗਲਤਫ਼ਹਿਮੀਆਂ ਮੌਜੂਦ ਹਨ , ਜਿਨ੍ਹਾਂ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ। ਹਰ ਵਿਅਕਤੀ ਨੂੰ ਇਸ ਵਿਸ਼ੇ ਬਾਰੇ ਸਹੀ ਜਾਣਕਾਰੀ ਪ੍ਰਾਪਤ ਕਰਕੇ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ। ਇਸ ਮੌਕੇ ਵਿਦਿਆਰਥੀਆਂ ਨੂੰ ਅੰਗ ਦਾਨ ਸਬੰਧੀ ਆਪਣੇ ਪਰਿਵਾਰਾਂ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।