ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਨੇ ਸਰਕਾਰ ਖ਼ਿਲਾਫ਼ ਵਿੱਢਿਆ ਸੰਘਰਸ਼
ਨੰਗਲ, 3 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ.
ਨ
ਨੰਗਲ ਡਿਪੂ ਵਿਖੇ ਤਿੰਨ ਰੋਜ਼ਾ ਹੜਤਾਲ ਦੌਰਾਨ ਯੂਨੀਅਨ ਦੇ ਆਗੂ ਅਤੇ ਕੰਟਰੈਕਟ ਮੁਲਾਜ਼ਮ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।
04-08-2026
ਨੰਗਲ, 3 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਨੇ ਟਰਾਂਸਪੋਰਟ ਵਿਭਾਗ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਯੂਨੀਅਨ ਨੇ 3, 4 ਅਤੇ 5 ਅਗਸਤ ਨੂੰ ਪੰਜਾਬ ਭਰ ਵਿਚ ਤਿੰਨ ਰੋਜ਼ਾ ਹੜਤਾਲ ਅਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਨੰਗਲ ਡਿਪੂ ਵਿਖੇ ਬਰਸਾਤ ਦੇ ਬਾਵਜੂਦ ਯੂਨੀਅਨ ਆਗੂਆਂ ਤੇ ਮੁਲਾਜ਼ਮਾਂ ਨੇ ਬੱਸ ਸਟੈਂਡ ਵਿਚ ਧਰਨਾ ਦੇ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਜਨਰਲ ਸਕੱਤਰ ਦਿਆਲ ਮਾਹੀ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਪ੍ਰਥਾ ਖ਼ਤਮ ਕਰਨ ਦੇ ਵਾਅਦੇ ਕੀਤੇ ਸਨ, ਪਰ ਚਾਰ ਸਾਲ ਤੋਂ ਵੱਧ ਸਮਾਂ ਅਤੇ ਕਰੀਬ 70 ਮੀਟਿੰਗਾਂ ਬੀਤ ਜਾਣ ਦੇ ਬਾਵਜੂਦ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਡਿਪੂ ਚੇਅਰਮੈਨ ਸਤਨਾਮ ਸਿੰਘ ਤੇ ਹਰਜਾਪ ਸਿੰਘ ਨੇ ਕਿਹਾ ਕਿ ਸੈਂਕੜੇ ਸਰਕਾਰੀ ਬੱਸਾਂ ਕੰਡਮ ਹੋ ਚੁੱਕੀਆਂ ਹਨ ਅਤੇ ਕਈ ਬੱਸਾਂ ਸਪੇਅਰ ਪਾਰਟਸ ਦੀ ਘਾਟ ਕਾਰਨ ਵਰਕਸ਼ਾਪਾਂ ਵਿਚ ਖੜ੍ਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਨੂੰ ਤਰਜੀਹ ਦੇ ਕੇ ਸਰਕਾਰੀ ਟਰਾਂਸਪੋਰਟ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ, ਜਦਕਿ ਆਊਟਸੋਰਸ ਭਰਤੀਆਂ ਅਤੇ ਟਾਈਮ-ਟੇਬਲਾਂ ਵਿਚ ਗੜਬੜੀਆਂ ਕਾਰਨ ਵਿਭਾਗ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋ ਰਹੀ ਹੈ। ਮੁੱਖ ਸਲਾਹਕਾਰ ਵਿਜੈ ਮਿਨਹਾਸ ਨੇ ਕਿਹਾ ਕਿ 24 ਜੂਨ ਦੀ ਮੀਟਿੰਗ ਦੌਰਾਨ ਸਰਕਾਰ ਨੇ ਮੰਗਾਂ ਦੇ ਹੱਲ ਲਈ 10 ਦਿਨ ਦਾ ਸਮਾਂ ਮੰਗਿਆ ਸੀ, ਪਰ ਅਜੇ ਤੱਕ ਕੋਈ ਅਮਲੀ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਤਿੰਨ ਰੋਜ਼ਾ ਹੜਤਾਲ ਤੋਂ ਬਾਅਦ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਯੋਗਰਾਜ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਪਬਲਾ, ਗੁਰਿੰਦਰ ਪਾਲ ਸਿੰਘ, ਰਜਿੰਦਰ ਸਿੰਘ, ਰਵਿੰਦਰ ਚੌਧਰੀ, ਜੱਸਾ ਆਹਲੂਵਾਲੀਆ, ਹਰਮੀਕ ਸਿੰਘ, ਸੰਜੇ ਕੁਮਾਰ, ਧਿਆਨ ਚੰਦ, ਹਰੀਸ਼ ਗੋਨੇਵਾਲੀਆ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।