ਕੁਸ਼ਟ ਰੋਗ ਦੇ ਖਾਤਮੇ ਲਈ ਵਿਭਾਗਾਂ ਦਾ ਆਪਸੀ ਤਾਲਮੇਲ ਤੇ ਸਾਂਝੇ ਯਤਨ ਬੇਹੱਦ ਜ਼ਰੂਰੀ-ਡਾ. ਪ੍ਰਦੀਪਤਾ ਕੁਮਾਰ
ਰੂਪਨਗਰ, 26 ਅਗਸਤ (ਯਸ਼ਵੰਤ ਬੱਸੀ)- ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਰੂਪਨਗਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ।
ਕ
ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਅਧਿਕਾਰੀ ਵਲੋਂ ਕੀਤੀ ਸਮੀਖਿਆ ਮੀਟਿੰਗ ਦੀ ਤਸਵੀਰ।
27-08-2026
ਰੂਪਨਗਰ, 26 ਅਗਸਤ (ਯਸ਼ਵੰਤ ਬੱਸੀ)- ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਰੂਪਨਗਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਕੁਸ਼ਟ (ਲੈਪਰੋਸੀ) ਰੋਗ ਦੀ ਰੋਕਥਾਮ, ਜਲਦ ਪਛਾਣ, ਮੁਕੰਮਲ ਇਲਾਜ, ਮਰੀਜ਼ਾਂ ਦੀ ਦੇਖਭਾਲ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਡਾ. ਪ੍ਰਦੀਪਤਾ ਕੁਮਾਰ ਨਾਇਕ ਨੇ ਕਿਹਾ ਕਿ ਕੁਸ਼ਟ ਰੋਗ ਦਾ ਖਾਤਮਾ ਕੇਵਲ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਿਹਤ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਅਹਿਮ ਮਾਮਲਾ ਹੈ। ਇਸ ਲਈ ਕੁਸ਼ਟ ਰੋਗ ਦੀ ਰੋਕਥਾਮ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਿਹਤ ਵਿਭਾਗ ਦੇ ਨਾਲ ਹੋਰ ਸਰਕਾਰੀ ਵਿਭਾਗਾਂ, ਸਥਾਨਕ ਸੰਸਥਾਵਾਂ ਅਤੇ ਸਬੰਧਤ ਏਜੰਸੀਆਂ ਦਾ ਆਪਸੀ ਤਾਲਮੇਲ ਅਤੇ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ। ਡਾ. ਨਾਇਕ ਨੇ ਕੁਸ਼ਟ ਰੋਗ ਨਾਲ ਜੁੜੀਆਂ ਗਲਤ ਧਾਰਨਾਵਾਂ, ਡਰ ਅਤੇ ਸਮਾਜਿਕ ਭੇਦਭਾਵ ਨੂੰ ਖਤਮ ਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਸਮਝਾਉਣਾ ਜ਼ਰੂਰੀ ਹੈ ਕਿ ਕੁਸ਼ਟ ਰੋਗ ਦਾ ਇਲਾਜ ਸੰਭਵ ਹੈ। ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਰੂਪਨਗਰ ਜ਼ਿਲ੍ਹੇ ਵਿਚ ਕੁਸ਼ਟ ਰੋਗ ਦੀ ਰੋਕਥਾਮ ਅਤੇ ਇਲਾਜ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕੁਸ਼ਟ ਰੋਗ ਦੀ ਜਲਦ ਪਛਾਣ, ਮਰੀਜ਼ਾਂ ਦੀ ਜਾਂਚ, ਇਲਾਜ ਅਤੇ ਫਾਲੋਅਪ ਲਈ ਸਿਹਤ ਵਿਭਾਗ ਵਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਸ਼ਟ ਰੋਗ ਦੀ ਰੋਕਥਾਮ, ਜਲਦ ਪਛਾਣ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਸਿਹਤ ਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਮਾਣ-ਸਨਮਾਨ ਅਤੇ ਬਰਾਬਰੀ ਦੇ ਅਧਿਕਾਰ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਸਿਵਲ ਸਰਜਨ ਡਾ. ਬੌਬੀ ਗੁਲਾਟੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਐਸ.ਐਮ.ਓ. ਡਾ. ਹਰਪ੍ਰੀਤ ਕੌਰ, ਚਮੜੀ ਰੋਗਾਂ ਦੇ ਮਾਹਰ ਡਾ. ਅਮਨਦੀਪ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਇੰਦਰਜੀਤ ਸਿੰਘ, ਮਾਨਸਿਕ ਰੋਗਾਂ ਦੇ ਮਾਹਰ ਡਾ. ਕੰਵਰਬੀਰ ਸਿੰਘ ਸਮੇਤ ਸਿਹਤ ਵਿਭਾਗ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਿਹਤ ਕਰਮਚਾਰੀ ਮੌਜੂਦ ਸਨ।