ਵਾਹ ਨੀ ਸਰਕਾਰੇ ਤੇਰੇ ਰੰਗ ਨਿਆਰੇ...
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇਸੇ ਸਮੇਂ ਦੌਰਾਨ ਸਕੂਲੀ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕੀਤੇ ਜਾਣ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਦੁਵਿਧਾ ਦੀ ਸਥਿਤੀ ਬਣ ਗਈ ਹੈ।
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇਸੇ ਸਮੇਂ ਦੌਰਾਨ ਸਕੂਲੀ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕੀਤੇ ਜਾਣ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਦੁਵਿਧਾ ਦੀ ਸਥਿਤੀ ਬਣ ਗਈ ਹੈ। ਸਿੱਖਿਆ ਵਿਭਾਗ ਵਲੋਂ ਪਹਿਲੀ ਤੋਂ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 18, 19, 21 ਅਤੇ 22 ਸਤੰਬਰ, ਛੇਵੀਂ ਤੋਂ ਅੱਠਵੀਂ ਦੀਆਂ 9, 10, 11, 14, 15, 16, 17, 19 ਅਤੇ 21 ਸਤੰਬਰ, ਜਦਕਿ ਨੌਵੀਂ ਤੋਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 9, 10, 11, 14, 15, 16, 18, 19, 21 ਅਤੇ 23 ਸਤੰਬਰ ਨੂੰ ਕਰਵਾਉਣ ਦੀ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 11ਵੀਂ ਦੀ ਹੁਨਰ ਸਿੱਖਿਆ ਸਕੂਲ ਟਰਮ ਦੀਆਂ ਪ੍ਰੀਖਿਆਵਾਂ 9 ਤੋਂ 16 ਸਤੰਬਰ ਅਤੇ 12ਵੀਂ ਦੀਆਂ 9 ਤੋਂ 23 ਸਤੰਬਰ ਤੱਕ ਵੱਖ-ਵੱਖ ਮਿਤੀਆਂ ‘ਤੇ ਹੋਣਗੀਆਂ। ਉਧਰ ਰੂਪਨਗਰ ਜ਼ਿਲ੍ਹੇ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲੇ 9 ਤੋਂ 14 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਖੇਡ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਬਲਾਕ ਪੱਧਰੀ ਮੁਕਾਬਲਿਆਂ ਲਈ ਨਹਿਰੂ ਸਟੇਡੀਅਮ ਰੂਪਨਗਰ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ, ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿਖੇ ਗਰਾਊਂਡਾਂ ਦੀ ਤਿਆਰੀ ਤੇ ਮਾਰਕਿੰਗ ਲਈ 8 ਸਤੰਬਰ ਨੂੰ ਹੀ ਅਧਿਆਪਕਾਂ ਨੂੰ ਸੱਦਿਆ ਗਿਆ ਹੈ। ਇਸ ਤਰ੍ਹਾਂ ਇੱਕ ਪਾਸੇ ਅਧਿਆਪਕਾਂ ਦੀਆਂ ਖੇਡ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਪ੍ਰੀਖਿਆਵਾਂ ਦੀਆਂ ਡਿਊਟੀਆਂ ਨਿਭਾਉਣ ਦੇ ਨਾਲ ਵਿਦਿਆਰਥੀਆਂ ਦੀ ਤਿਆਰੀ ਵੀ ਕਰਵਾਉਣੀ ਹੈ। ਵਿਦਿਆਰਥੀਆਂ ਲਈ ਵੀ ਸਥਿਤੀ ਚਿੰਤਾਜਨਕ ਹੈ, ਕਿਉਂਕਿ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਕਈ ਵਿਦਿਆਰਥੀਆਂ ਨੂੰ ਇਸੇ ਸਮੇਂ ਪ੍ਰੀਖਿਆਵਾਂ ਵਿਚ ਬੈਠਣਾ ਪਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਜਥੇਬੰਦੀ ਵਲੋਂ ਕਈ ਸਾਲਾਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਕੂਲੀ ਪ੍ਰੀਖਿਆਵਾਂ ਮੁਕੰਮਲ ਹੋਣ ਤੋਂ ਬਾਅਦ ਹੀ ਖੇਡਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ 15 ਸਤੰਬਰ ਤੋਂ ਬਾਅਦ ਖੇਡਾਂ ਕਰਵਾਉਣ ਨਾਲ ਅਧਿਆਪਕ ਅਤੇ ਵਿਦਿਆਰਥੀ ਦੋਵੇਂ ਪੂਰੀ ਤਰ੍ਹਾਂ ਖੇਡਾਂ ਵਿਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਹੈ, ਪਰ ਪ੍ਰੀਖਿਆਵਾਂ ਅਤੇ ਖੇਡਾਂ ਇੱਕੋ ਸਮੇਂ ਹੋਣ ਕਾਰਨ ਵਿਦਿਆਰਥੀਆਂ ਦੀ ਖੇਡਾਂ ਵਿਚ ਸ਼ਮੂਲੀਅਤ ਪ੍ਰਭਾਵਿਤ ਹੋਣਾ ਸੁਭਾਵਿਕ ਹੈ। ਉਨ੍ਹਾਂ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਕਰਕੇ ਖੇਡਾਂ ਅਤੇ ਪ੍ਰੀਖਿਆਵਾਂ ਦੀਆਂ ਮਿਤੀਆਂ ਵਿਚ ਟਕਰਾਅ ਖ਼ਤਮ ਕਰਨ ਦੀ ਮੰਗ ਕੀਤੀ। ਅਧਿਕਾਰੀਆਂ ਦਾ ਪੱਖ ਨਹੀਂ ਮਿਲ ਸਕਿਆ: ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਨਾਲ ਸੰਪਰਕ ਕਰਨ ਲਈ ਵਾਰ-ਵਾਰ ਫ਼ੋਨ ਕੀਤਾ ਗਿਆ, ਪਰ ਦੋਵਾਂ ਅਧਿਕਾਰੀਆਂ ਨੇ ਫ਼ੋਨ ਨਹੀਂ ਚੁੱਕਿਆ। ਇਸ ਕਾਰਨ ਇਸ ਮਾਮਲੇ ਸਬੰਧੀ ਉਨ੍ਹਾਂ ਦਾ ਪੱਖ ਸਪਸ਼ਟ ਨਹੀਂ ਹੋ ਸਕਿਆ।