ਪ੍ਰਿੰਸੀਪਲ ਸੈਕਟਰੀ ਕੁਮਾਰ ਰਾਹੁਲ ਨੇ ਪੀ . ਐਮ ਸ੍ਰੀ ਕਾਹਨਪੁਰ ਖੂਹੀ ਤੇ ਸਕੂਲਾਂ ਦਾ ਕੀਤਾ ਨਿਰੀਖਣ
ਕਾਹਨਪੁਰ ਖੂਹੀ, 15 ਸਤੰਬਰ (ਗੁਰਬੀਰ ਸਿੰਘ ਵਾਲੀਆ)-ਸਿਹਤ ਵਿਭਾਗ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ ਆਈ. ਏ.
ਕਾਹਨਪੁਰ ਖੂਹੀ, 15 ਸਤੰਬਰ (ਗੁਰਬੀਰ ਸਿੰਘ ਵਾਲੀਆ)-ਸਿਹਤ ਵਿਭਾਗ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ ਆਈ.ਏ.ਐਸ. ਅਧਿਕਾਰੀ ਕੁਮਾਰ ਰਾਹੁਲ ਵਲੋਂ ਅੱਜ ਨੂਰਪੁਰ ਬੇਦੀ ਬਲਾਕ ਦੇ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਅਤੇ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਦਾ ਵਿਸ਼ੇਸ਼ ਦੌਰਾ ਕਰਕੇ ਸਕੂਲਾਂ ਵਿਚ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਕੂਲਾਂ ਦੀਆਂ ਲੈਬਾਰਟਰੀਆਂ, ਕੰਪਿਊਟਰ ਲੈਬ, ਕਲਾਸ ਰੂਮਾਂ, ਬਾਥਰੂਮਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਨਿਰੀਖਣ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਮੇਂ-ਸਮੇਂ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਸਭ ਤੋਂ ਪਹਿਲਾਂ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਵਿਖੇ ਪਹੁੰਚੇ ਪ੍ਰਿੰਸੀਪਲ ਸੈਕਟਰੀ ਕੁਮਾਰ ਰਾਹੁਲ ਨੇ ਸਕੂਲ ਦੀਆਂ ਵੱਖ-ਵੱਖ ਲੈਬਾਰਟਰੀਆਂ, ਕੰਪਿਊਟਰ ਲੈਬ, ਕਲਾਸ ਰੂਮਾਂ ਅਤੇ ਬਾਥਰੂਮਾਂ ਦਾ ਦੌਰਾ ਕੀਤਾ। ਉਨ੍ਹਾਂ ਸਕੂਲ ਵਿਚ ਵਿਦਿਆਰਥੀਆਂ ਲਈ ਉਪਲਬਧ ਸਹੂਲਤਾਂ ਬਾਰੇ ਅਧਿਆਪਕਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਬੱਚਿਆਂ ਨੂੰ ਸਮੇਂ-ਸਮੇਂ ’ਤੇ ਮੁਹੱਈਆ ਕਰਵਾਈ ਜਾ ਰਹੀ ਮੈਡੀਕਲ ਸਹਾਇਤਾ ਅਤੇ ਸਿਹਤ ਜਾਂਚ ਸਬੰਧੀ ਪ੍ਰਬੰਧਾਂ ਬਾਰੇ ਵੀ ਪੁੱਛਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਟੇਟ ਐਵਾਰਡੀ ਅਨਿਲ ਕੁਮਾਰ ਜੋਸ਼ੀ ਵਲੋਂ ਸਕੂਲ ਦੀਆਂ ਵਿੱਦਿਅਕ ਗਤੀਵਿਧੀਆਂ, ਬੁਨਿਆਦੀ ਢਾਂਚੇ, ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ ਗਈ। ਰਿਪੋਰਟ ਅਤੇ ਸਕੂਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪ੍ਰਿੰਸੀਪਲ ਸੈਕਟਰੀ ਨੇ ਤਸੱਲੀ ਪ੍ਰਗਟਾਈ। ਇਸ ਮੌਕੇ ਸਕੂਲ ਸਟਾਫ ਵਲੋਂ ਕੁਮਾਰ ਰਾਹੁਲ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਬਾਅਦ ਕੁਮਾਰ ਰਾਹੁਲ ਨੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਦਾ ਵੀ ਦੌਰਾ ਕੀਤਾ। ਉਨ੍ਹਾਂ ਸਮੁੱਚੇ ਸਕੂਲ ਕੰਪਲੈਕਸ ਵਿਚ ਘੁੰਮ ਕੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀਐਮ ਸ਼੍ਰੀ ਸਕੀਮ ਤਹਿਤ ਸਕੂਲ ਨੂੰ ਪ੍ਰਾਪਤ ਹੋਈਆਂ ਗ੍ਰਾਂਟਾਂ ਦੀ ਵਰਤੋਂ ਸਬੰਧੀ ਜਾਣਕਾਰੀ ਹਾਸਲ ਕੀਤੀ। ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਵਲੋਂ ਸਕੂਲ ਦੀ ਕਾਰਗੁਜ਼ਾਰੀ ਅਤੇ ਗ੍ਰਾਂਟਾਂ ਦੀ ਵਰਤੋਂ ਸਬੰਧੀ ਸਮੁੱਚੀ ਜਾਣਕਾਰੀ ਦਿੱਤੀ ਗਈ, ਜਿਸ ’ਤੇ ਪ੍ਰਿੰਸੀਪਲ ਸੈਕਟਰੀ ਨੇ ਸੰਤੁਸ਼ਟੀ ਪ੍ਰਗਟਾਈ। ਇਸ ਮੌਕੇ ਪ੍ਰਿੰਸੀਪਲ ਸੈਕਟਰੀ ਕੁਮਾਰ ਰਾਹੁਲ ਨੇ ਕਿਹਾ ਕਿ ਸਕੂਲਾਂ ਵਿਚ ਸਾਫ਼-ਸਫ਼ਾਈ, ਸਿਹਤ ਜਾਂਚ, ਸਾਫ਼ ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।