ਸੜਕਾਂ ’ਤੇ ਮਵੇਸ਼ੀ ਚਰਾਉਣ ਦੇ ਵਿਰੋਧ ’ਚ ਕਿਸਾਨਾਂ ਵਲੋਂ ਰੋਸ ਧਰਨਾ
ਰੋਪੜ - ਸ੍ਰੀ ਚਮਕੌਰ ਸਾਹਿਬ ਮਾਰਗ ਕੀਤਾ ਜਾਮ , ਪ੍ਰਸ਼ਾਸਨ ਦੇ ਭਰੋਸੇ ਉਪਰੰਤ ਖੋਲ੍ਹਿਆ
ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ): ਰੋਪੜ-ਸ੍ਰੀ ਚਮਕੌਰ ਸਾਹਿਬ ਮਾਰਗ ’ਤੇ ਗੋਬਿੰਦਪੁਰਾ ਨੇੜੇ ਅੱਜ ਦੇਰ ਸ਼ਾਮ ਕਿਸਾਨਾਂ ਵਲੋਂ ਸੜਕਾਂ ’ਤੇ ਮਵੇਸ਼ੀ ਚਰਾਉਣ ਅਤੇ ਕਥਿਤ ਤੌਰ ’ਤੇ ਸਰਕਾਰੀ, ਪੰਚਾਇਤੀ ਤੇ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦੇ ਵਿਰੋਧ ਵਿਚ ਰੋਸ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਸੜਕ ਜਾਮ ਕਰ ਦਿੱਤੀ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ।
ਰ
ਰੋਸ ਵੱਜੋ ਜਾਮ ਲਾਈ ਖੜ੍ਹੇ ਕਿਸਾਨ ਅਤੇ ਗੱਲਬਾਤ ਕਰ ਰਹੇ ਪੁਲਿਸ ਅਧਿਕਾਰੀ।
24-09-2026
ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ): ਰੋਪੜ-ਸ੍ਰੀ ਚਮਕੌਰ ਸਾਹਿਬ ਮਾਰਗ ’ਤੇ ਗੋਬਿੰਦਪੁਰਾ ਨੇੜੇ ਅੱਜ ਦੇਰ ਸ਼ਾਮ ਕਿਸਾਨਾਂ ਵਲੋਂ ਸੜਕਾਂ ’ਤੇ ਮਵੇਸ਼ੀ ਚਰਾਉਣ ਅਤੇ ਕਥਿਤ ਤੌਰ ’ਤੇ ਸਰਕਾਰੀ, ਪੰਚਾਇਤੀ ਤੇ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦੇ ਵਿਰੋਧ ਵਿਚ ਰੋਸ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਸੜਕ ਜਾਮ ਕਰ ਦਿੱਤੀ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਕਰੀਬ ਇੱਕ ਘੰਟੇ ਬਾਅਦ ਪ੍ਰਸ਼ਾਸਨ ਵਲੋਂ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਉਪਰੰਤ ਜਾਮ ਖੋਲ੍ਹ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਕਰਨਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਰੀਬ 10-15 ਦਿਨ ਪਹਿਲਾਂ ਪਿੰਡ ਬੰਦੇਵਾਲਾ ਦੇ ਇੱਕ ਵਿਅਕਤੀ ਨਾਲ ਕਥਿਤ ਕੁੱਟਮਾਰ ਦੀ ਘਟਨਾ ਵਾਪਰੀ ਸੀ। ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੇ ਦਖ਼ਲ ਉਪਰੰਤ ਪੁਲਿਸ ਵਲੋਂ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਮਵੇਸ਼ੀ ਚਰਾਉਣ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਵਿਵਾਦ ਅਤੇ ਕੁੱਟਮਾਰ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਸਿੱਧੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ., ਡੀ.ਐੱਸ.ਪੀ. ਅਤੇ ਸਬੰਧਿਤ ਥਾਣਾ ਪੁਲਿਸ ਨੂੰ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਸੜਕਾਂ, ਨਦੀਆਂ-ਨਾਲਿਆਂ, ਪੰਚਾਇਤੀ, ਜੰਗਲਾਤ ਅਤੇ ਹੋਰ ਸਰਕਾਰੀ ਜ਼ਮੀਨਾਂ ’ਤੇ ਮਵੇਸ਼ੀ ਖੁੱਲ੍ਹੇ ਛੱਡਣ ਤੋਂ ਰੋਕਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਮਵੇਸ਼ੀਆਂ ਦੇ ਖੁੱਲ੍ਹੇ ਘੁੰਮਣ ਕਾਰਨ ਫ਼ਸਲਾਂ ਦੇ ਨਾਲ-ਨਾਲ ਨਦੀਆਂ ਅਤੇ ਨਹਿਰਾਂ ਦੇ ਕੰਢਿਆਂ ਨੂੰ ਵੀ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਸਾਲ 2023 ਵਿਚ ਵੀ ਮਵੇਸ਼ੀਆਂ ਦੇ ਨਦੀ ਵਾਲੇ ਖੇਤਰ ਵਿਚ ਜਾਣ ਕਾਰਨ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਸੀ, ਜਿਸ ਕਾਰਨ ਆਸ-ਪਾਸ ਦੇ ਪਿੰਡਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਬੰਧਿਤ ਪਰਿਵਾਰ ਦੇ ਕਈ ਡੇਰਿਆਂ ਵਿਚ ਵੱਡੀ ਗਿਣਤੀ ਵਿਚ ਮਵੇਸ਼ੀ ਹਨ ਅਤੇ ਇਨ੍ਹਾਂ ਨੂੰ ਖੁੱਲ੍ਹਾ ਛੱਡੇ ਜਾਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਹਨ। ਧਰਨਾਕਾਰੀਆਂ ਨੇ ਇਹ ਵੀ ਦੋਸ਼ ਲਾਇਆ ਕਿ ਧਰਨੇ ਵਿਚ ਸ਼ਾਮਲ ਕੁੱਝ ਵਿਅਕਤੀਆਂ ਨੂੰ ਫ਼ੋਨ ਰਾਹੀਂ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰਕੇ ਕਾਨੂੰਨੀ ਕਾਰਵਾਈ ਕਰਨ ਅਤੇ ਸਰਕਾਰੀ ਜ਼ਮੀਨਾਂ ’ਤੇ ਕੀਤੇ ਕਥਿਤ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ ਕੀਤੀ। ਧਰਨੇ ਦੌਰਾਨ ਕਿਸਾਨ ਆਗੂਆਂ ਦੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਹੋਈ। ਡੀ.ਐੱਸ.ਪੀ . ਦੀਪਇੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਸੜਕਾਂ ਜਾਂ ਹੋਰ ਜਨਤਕ ਥਾਵਾਂ ’ਤੇ ਮਵੇਸ਼ੀ ਖੁੱਲ੍ਹੇ ਛੱਡੇ ਜਾਣ ਦੀ ਸ਼ਿਕਾਇਤ ਮਿਲਣ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਭਰੋਸੇ ਉਪਰੰਤ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ। ਥਾਣਾ ਸਦਰ ਰੂਪਨਗਰ ਦੇ ਐੱਸ.ਐੱਚ.ਓ. ਸੰਨੀ ਖੰਨਾ ਨੇ ਕਿਹਾ ਕਿ ਗੋਬਿੰਦਪੁਰਾ ਖੇਤਰ ਵਿਚ ਮਵੇਸ਼ੀਆਂ ਸਬੰਧੀ ਪਿੰਡ ਵਾਸੀਆਂ ਦੀ ਸ਼ਿਕਾਇਤ ਸਾਹਮਣੇ ਆਈ ਸੀ ਅਤੇ ਪੁਲਿਸ ਵਲੋਂ ਪਹਿਲਾਂ ਵੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਮੁੜ ਮਵੇਸ਼ੀ ਖੁੱਲ੍ਹੇ ਛੱਡੇ ਜਾਂਦੇ ਹਨ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ । ਪ੍ਰਸ਼ਾਸਨ ਦੇ ਭਰੋਸੇ ਉਪਰੰਤ ਕਿਸਾਨਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਵਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।