ਪਰਵਿੰਦਰ ਝੋਟੇ ਦੇ ਕਤਲ ਵਿਰੁੱਧ ਰੂਪਨਗਰ ’ ਚ ਗੂੰਜੇ ‘ ਪੰਜਾਬ ਸਰਕਾਰ ਮੁਰਦਾਬਾਦ ’ ਦੇ ਨਾਅਰੇ
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਅਤੇ ਕਾਰਕੁੰਨ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਖ਼ਬਰ ਤੋਂ ਬਾਅਦ ਰੂਪਨਗਰ ਵਿੱਚ ਰੋਸ ਦੀ ਲਹਿਰ ਦੌੜ ਗਈ। ਦੇਰ ਸ਼ਾਮ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਕ) ਵਿਖੇ ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਸੰਗਠਨਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਸਮਰਥਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਅਤੇ ਕਾਰਕੁੰਨ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਖ਼ਬਰ ਤੋਂ ਬਾਅਦ ਰੂਪਨਗਰ ਵਿੱਚ ਰੋਸ ਦੀ ਲਹਿਰ ਦੌੜ ਗਈ। ਦੇਰ ਸ਼ਾਮ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਕ) ਵਿਖੇ ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਸੰਗਠਨਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਸਮਰਥਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਬਾਜ਼ਾਰ ਵਿਚ ਕੈਂਡਲ ਮਾਰਚ ਕੱਢਦਿਆਂ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਲਈ ਜਵਾਬਦੇਹੀ ਤੈਅ ਕਰਨ, ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾਉਣ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਮੁਅੱਤਲ ਕਰਨ ਅਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ ’ਤੇ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਕੌਣ ਕਰੇਗਾ ? ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਲੜਨ ਵਾਲੇ ਸਮਾਜ ਸੇਵੀਆਂ ਅਤੇ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਗਲੀ ਸੰਘਰਸ਼ ਕਾਲ ’ਤੇ ਕੌਮੀ ਮਾਰਗ ਜਾਮ ਕਰਨ ਸਮੇਤ ਹੋਰ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਕਰਨਵੀਰ ਸਿੰਘ ਸਿੱਧੂ, ਬਾਪੂ ਮੁਖਤਿਆਰ ਸਿੰਘ ਮਾਹਲਾ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿੱਲ, ਬੀਕੇਯੂ ਮਝੈਲ ਦੇ ਪ੍ਰਧਾਨ ਅਜੈਬ ਸਿੰਘ, ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ, ਬਾਰਿਸ਼ ਪੰਜਾਬ ਦੇ ਆਗੂ ਦਲਬੀਰ ਸਿੰਘ ਜਟਾਣਾ, ਬੀਕੇਯੂ ਬਹਿਰਾਮ ਕੇ ਦੇ ਆਗੂ ਗੁਰਪਾਲ ਸਿੰਘ, ਗੁਰਮੀਤ ਸਿੰਘ, ਰੁਪਿੰਦਰਪਾਲ ਸਿੰਘ, ਬਿੰਦਰ ਪਾਲ ਸਿੰਘ, ਚਰਨਜੀਤ ਸਿੰਘ ਚੰਨੀ, ਸੌਦਾਗਰ ਸਿੰਘ, ਕਾਂਗਰਸੀ ਆਗੂ ਤੇ ਪਾਰਟੀ ਬੁਲਾਰੇ ਸੁਖਦੇਵ ਸਿੰਘ, ਸਮਾਜ ਸੇਵੀ ਆਗੂ ਕਮਲ ਚੌਹਾਨ, ਬਹੁਜਨ ਸਮਾਜ ਪਾਰਟੀ ਦੇ ਆਗੂ ਜਰਨੈਲ ਸਿੰਘ ਸੁਰਤਾਪੁਰ, ਜਿੰਦਾ ਗਿੱਲ, ਬਲਾਕ ਕਾਂਗਰਸ ਦੇ ਮੀਤ ਪ੍ਰਧਾਨ, ਕਿਰਤੀ ਕਿਸਾਨ ਮੋਰਚਾ ਦੇ ਪ੍ਰਧਾਨ ਜਰਨੈਲ ਸਿੰਘ, ਨਵਪ੍ਰੀਤ ਸ਼ਰਮਾ, ਸੂਬੇਦਾਰ ਰੋਸ਼ਨ ਲਾਲ, ਸੋਨੀ ਦਿਆਲ, ਬਲਵੀਰ ਖਾਨ, ਹਰਪ੍ਰੀਤ ਸਿੰਘ ਮੂਸਾਪੁਰ ਅਤੇ ਅਸ਼ਵਨੀ ਰਾਣਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਸਮਰਥਕ ਹਾਜ਼ਰ ਸਨ।