ਲੋਕਾਂ ਨੂੰ ਲੋਕ ਅਦਾਲਤ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ-ਸੀ. ਜੇ. ਐਮ. ਕਮ ਸਕੱਤਰ
ਰੂਪਨਗਰ, 6 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ.
ਰੂਪਨਗਰ, 6 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਵਲੋਂ ਜਾਰੀ ਨਵੰਬਰ 2026 ਦੇ ਐਕਸ਼ਨ ਪਲਾਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਹੋਰ ਜਨਤਕ ਥਾਵਾਂ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਕਾਨੂੰਨੀ ਸੁਰੱਖਿਆ ਤੇ ਉਪਲਬਧ ਸਹਾਇਤਾ ਸੇਵਾਵਾਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕਰਨਾ ਹੈ। ਇਸ ਸਬੰਧੀ ਸੀ. ਜੇ. ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਅਮਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਤੇਜ਼ਾਬੀ ਹਮਲਿਆਂ ਦੇ ਪੀੜਤਾਂ ਦੇ ਅਧਿਕਾਰਾਂ, ਮਹਿਲਾਵਾਂ ਦੀ ਸੁਰੱਖਿਆ, ਬੱਚਿਆਂ ਦੇ ਅਧਿਕਾਰਾਂ, ਪੋਕਸੋ ਐਕਟ, ਸਾਈਬਰ ਅਪਰਾਧਾਂ ਤੇ ਡਿਜੀਟਲ ਧੋਖਾਧੜੀ ਤੋਂ ਬਚਾਅ ਸੰਬੰਧੀ ਵਿਸਥਾਰਪੂਰਵਕ ਕਾਨੂੰਨੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਦੇ ਅਧਿਕਾਰਾਂ ਤੇ ਕੰਮਕਾਜ ਵਾਲੀਆਂ ਥਾਵਾਂ ’ਤੇ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਸੰਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 9 ਨਵੰਬਰ ਨੂੰ ਕਾਨੂੰਨੀ ਸਾਖਰਤਾ ਦਿਵਸ, 14 ਨਵੰਬਰ ਨੂੰ ਬਾਲ ਦਿਵਸ ਤੇ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ‘ਮੈਡੀਏਸ਼ਨ ਫ਼ਾਰ ਦ ਨੇਸ਼ਨ-3.0’ ਮੁਹਿੰਮ ਤੇ 21 ਨਵੰਬਰ ਨੂੰ ਲਗਾਈ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਤੇ ਵਰਕਸ਼ਾਪਾਂ ਰਾਹੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇਹ ਯਕੀਨੀ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਲੋੜਵੰਦ ਤੇ ਕਮਜ਼ੋਰ ਵਰਗਾਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਪਹੁੰਚੇ। ਇਸ ਪਹਿਲਕਦਮੀ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਕਰਨਾ, ਕਾਨੂੰਨੀ ਸਮੱਸਿਆਵਾਂ ਦੇ ਹੱਲ ਲਈ ਉਪਲਬਧ ਸਾਧਨਾਂ ਬਾਰੇ ਜਾਣਕਾਰੀ ਦੇਣਾ ਅਤੇ ਨਿਆਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣਾ ਹੈ।