ਵਿਸ਼ੇਸ਼ ਲੋਕ ਅਦਾਲਤ ਦੌਰਾਨ 35 ਚੈੱਕ ਬਾਊਂਸ ਮਾਮਲਿਆਂ ਦਾ ਨਿਪਟਾਰਾ, 62,05,094 ਰੁਪਏ ਦੇ ਅਵਾਰਡ ਪਾਸ
ਰੂਪਨਗਰ, 21 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ.
ਰੂਪਨਗਰ, 21 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਦਾਲਤ ਰੂਪਨਗਰ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ. ਹਰਜੀਤ ਸਿੰਘ ਦੀ ਅਗਵਾਈ ਹੇਠ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ (ਐਨ. ਆਈ. ਐਕਟ) ਦੀ ਧਾਰਾ 138 ਅਧੀਨ ਚੈੱਕ ਬਾਉਂਸ ਨਾਲ ਸੰਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਵਿਸ਼ੇਸ਼ ਲੋਕ ਅਦਾਲਤ ਦੌਰਾਨ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁੱਲ ਪੰਜ ਬੈਂਚ ਸਥਾਪਿਤ ਕੀਤੇ ਗਏ, ਜਿਨ੍ਹਾਂ ਵਲੋਂ ਸੰਬੰਧਿਤ ਮਾਮਲਿਆਂ ਦੀ ਸੁਣਵਾਈ ਕਰਦਿਆਂ ਆਪਸੀ ਸਹਿਮਤੀ ਰਾਹੀਂ ਮੌਕੇ ’ਤੇ ਨਿਪਟਾਰਾ ਕੀਤਾ । ਇਸ ਦੌਰਾਨ ਕੁੱਲ 35 ਮਾਮਲਿਆਂ ਦਾ ਨਿਪਟਾਰਾ ਕੀਤਾ ਅਤੇ 62,05,094 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਸੰਬੰਧੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦੇਸ਼ ਭਰ ਵਿਚ ਵਿਸ਼ੇਸ਼ ਲੋਕ ਅਦਾਲਤਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਚੈੱਕ ਬਾਉਂਸ ਨਾਲ ਸੰਬੰਧਿਤ ਲੰਬਿਤ ਮਾਮਲਿਆਂ ਦਾ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਮਾਮਲਿਆਂ ਨੂੰ ਲੋਕ ਅਦਾਲਤਾਂ ਰਾਹੀਂ ਹੱਲ ਕਰਵਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਸਸਤਾ, ਸੌਖਾ ਅਤੇ ਸਮਾਂਬੱਧ ਨਿਆਂ ਪ੍ਰਾਪਤ ਹੁੰਦਾ ਹੈ। ਲੋਕ ਅਦਾਲਤ ਵਲੋਂ ਪਾਸ ਕੀਤੇ ਗਏ ਅਵਾਰਡ ਨੂੰ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਕਾਨੂੰਨੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਵਿਰੁੱਧ ਅਪੀਲ ਨਹੀਂ ਕੀਤੀ ਜਾ ਸਕਦੀ।