ਸੱਤ ਸਾਲਾ ਬੱਚੀ ਦੇ ਕਤਲ ਮਾਮਲੇ ’ਚ ਮੁਲਜ਼ਮ 10 ਘੰਟਿਆਂ ਅੰਦਰ ਗ੍ਰਿਫ਼ਤਾਰ: ਹਰਸਿਮਰਤ ਸਿੰਘ ਸ਼ੇਤਰਾ
ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਨੇ ਸੱਤ ਸਾਲਾ ਮਾਸੂਮ ਬੱਚੀ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਵਾਰਦਾਤ ਦੇ 10 ਘੰਟਿਆਂ ਦੇ ਅੰਦਰ ਹੀ ਮੁਲਜ਼ਮ ਅਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਨੂੰ ਰੇਲਵੇ ਸਟੇਸ਼ਨ ਤੋਂ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਬਿਹਾਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਨੇ ਸੱਤ ਸਾਲਾ ਮਾਸੂਮ ਬੱਚੀ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਵਾਰਦਾਤ ਦੇ 10 ਘੰਟਿਆਂ ਦੇ ਅੰਦਰ ਹੀ ਮੁਲਜ਼ਮ ਅਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਨੂੰ ਰੇਲਵੇ ਸਟੇਸ਼ਨ ਤੋਂ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਬਿਹਾਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ ਹੈੱਡਕੁਆਟਰ ਹਰਸਿਮਰਤ ਸਿੰਘ ਸ਼ੇਤਰਾ ਨੇ ਦੱਸਿਆ ਕਿ ਬੱਚੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲਣ ਉਪਰੰਤ ਐਸ.ਐਸ.ਪੀ. ਮਨਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਪੁਲਿਸ ਟੀਮਾਂ ਵਲੋਂ ਤੁਰੰਤ ਭਾਲ ਸ਼ੁਰੂ ਕੀਤੀ ਗਈ। ਖ਼ੁਫ਼ੀਆ ਸੂਚਨਾਵਾਂ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਮੁਲਜ਼ਮ ਨੂੰ ਰੇਲਵੇ ਸਟੇਸ਼ਨ ’ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਬੱਚੀ ਨੂੰ ਖਾਣ-ਪੀਣ ਦੀ ਚੀਜ਼ ਦਾ ਲਾਲਚ ਦੇ ਕੇ ਨਾਲ ਲਿਜਾਣ ਅਤੇ ਉਸ ਨਾਲ ਜਿਨਸੀ ਸ਼ੋਸ਼ਣ ਦੀ ਕੋਸ਼ਿਸ਼ ਕਰਨ ਉਪਰੰਤ ਗਲਾ ਘੁੱਟ ਕੇ ਕਤਲ ਕਰਨ ਦੀ ਗੱਲ ਕਬੂਲੀ। ਇਸ ਤੋਂ ਬਾਅਦ ਉਸ ਨੇ ਲਾਸ਼ ਨੇੜਲੇ ਪਾਣੀ ਦੇ ਨਾਲੇ ਵਿਚ ਸੁੱਟ ਦਿੱਤੀ ਸੀ। ਪੁਲਿਸ ਵਲੋਂ ਰਾਤ ਭਰ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਐਸ.ਐੱਚ.ਓ. ਸਿਟੀ ਰੂਪਨਗਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਬੱਚੀ ਦੀ ਲਾਸ਼ ਜੰਗਲੀ ਖੇਤਰ ਵਿਚੋਂ ਬਰਾਮਦ ਕੀਤੀ ਗਈ। ਮੌਕੇ ਤੋਂ ਇੱਕ ਪਲਾਸਟਿਕ ਦੀ ਰੱਸੀ ਵੀ ਕਬਜ਼ੇ ਵਿਚ ਲਈ ਗਈ। ਫੋਰੈਂਸਿਕ ਟੀਮ ਵੱਲੋਂ ਘਟਨਾ ਸਥਾਨ ਦੀ ਜਾਂਚ ਕੀਤੀ ਗਈ ਹੈ। ਹਰਸਿਮਰਤ ਸਿੰਘ ਸ਼ੇਤਰਾ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਭਿਜਵਾ ਦਿੱਤੀ ਗਈ ਹੈ ਅਤੇ ਰਿਪੋਰਟ ਦੇ ਆਧਾਰ ’ਤੇ ਜੇਕਰ ਜਿਨਸੀ ਸ਼ੋਸ਼ਣ ਦੀ ਪੁਸ਼ਟੀ ਹੁੰਦੀ ਹੈ ਤਾਂ ਸਬੰਧਿਤ ਕਾਨੂੰਨੀ ਧਾਰਾਵਾਂ ਵੀ ਜੋੜੀਆਂ ਜਾਣਗੀਆਂ। ਮਾਮਲੇ ਵਿਚ ਬੀਐੱਨਐੱਸ ਦੀ ਧਾਰਾ 103 ਤਹਿਤ ਕਤਲ ਦੀ ਧਾਰਾ ਵੀ ਸ਼ਾਮਲ ਕਰ ਦਿੱਤੀ ਗਈ ਹੈ।