ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ- ਯੂਨੀਵਰਸਿਟੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ ਐਸ ਨਿੱਕੂਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਚਾਰ ਰੋਜ਼ਾ ਪੰਜਾਬ ਸੂਬਾ ਪੱਧਰੀ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਵਾਈਆਂ।
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ ਐਸ ਨਿੱਕੂਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਚਾਰ ਰੋਜ਼ਾ ਪੰਜਾਬ ਸੂਬਾ ਪੱਧਰੀ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਵਾਈਆਂ। ਗਾਇਨ ਮੁਕਾਬਲੇ ਕਲੀ ਗਾਇਨ ਅਤੇ ਵਾਰ ਗਾਇਨ ਵਿਚ ਪਹਿਲਾ ਸਥਾਨ, ਜਦੋਂਕਿ ਭਾਰਤੀ ਸਮੂਹ ਗੀਤ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਭੰਗੜੇ ਦੇ ਮੁਕਾਬਲੇ ਵਿਚ ਕਾਲਜ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਰਾਸਤੀ ਕਲਾਵਾਂ ਦੇ ਮੁਕਾਬਲਿਆਂ ਵਿਚ ਵੀ ਵਿਦਿਆਰਥੀਆਂ ਨੇ ਦੂਜਾ ਸਥਾਨ ਅਤੇ ਪੱਖੀ ਬਣਾਉਣ, ਖਿੱਦੋ ਬਣਾਉਣ ਤੇ ਪੀੜ੍ਹੀ ਬਣਾਉਣ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ।ਜ਼ਿਕਰਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਮੁੱਚੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਡੀਨ ਕਲਚਰਲ ਡਾ. ਜਗਪਿੰਦਰਪਾਲ ਸਿੰਘ ਅਤੇ ਵੱਖ-ਵੱਖ ਮੁਕਾਬਲਿਆਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਕਲਾ, ਆਪਸੀ ਸਾਂਝ ਅਤੇ ਸਭਿਆਚਾਰਕ ਵਿਰਸੇ ਨਾਲ ਜੁੜਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਅਜਮੇਰ ਸਿੰਘ ਖੇੜਾ ਅਤੇ ਸਕੱਤਰ ਵਿੱਦਿਆ ਇੰਜ: ਸੁਖਮਿੰਦਰ ਸਿੰਘ ਨੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਇਸ ਮੌਕੇ ਡਾ. ਗੁਰਪ੍ਰੀਤ ਕੌਰ, ਡਾ. ਮਨਪ੍ਰੀਤ ਕੌਰ, ਪ੍ਰੋ. ਰਵਿੰਦਰ ਸਿੰਘ ਰਿੰਪੀ, ਡਾ. ਰਵਿੰਦਰ ਸਿੰਘ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਦਿਲਸ਼ੇਰਵੀਰ ਸਿੰਘ ਪ੍ਰੋ. ਭਾਨੂ ਕੌਸ਼ਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸੀ।