ਨਗਰ ਪੰਚਾਇਤ ਅਜਨਾਲਾ ਦੀ ਵਾਰਡਬੰਦੀ ਸੰਬੰਧੀ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਤੇ ਸਾਬਕਾ ਅਕਾਲੀ ਕੌਂਸਲਰਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਦਿੱਤਾ ਮੰਗ-ਪੱਤਰ <br/>
ਅਜੀਤ ਡੈਸਕ
04-01-2026
ਅਜਨਾਲਾ, 3 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੀਆਂ ਆਗਾਮੀ ਚੋਣਾਂ ਤੋਂ ਪਹਿਲਾਂ ਵਾਰਡਬੰਦੀ ਦੀ ਚੱਲ ਰਹੀ ਪ੍ਰਕਿਰਿਆ ਵਿਚ ਕਥਿਤ ਗੜਬੜੀ ਦੇ ਸ਼ੰਕੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਸਰਪ੍ਰਸਤੀ ਹੇਠ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਤੇ ਸਾਬਕਾ ਕੌਂਸਲਰਾਂ ਵਲੋਂ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਦਿਨੇਸ਼ ਸੂਰੀ ਨੂੰ ਮੰਗ ਪੱਤਰ ਦਿੱਤਾ ਗਿਆ | ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ ਨੇ ਕਥਿਤ ਦੋਸ਼ ਲਗਾਉਂਦਿਆਂ ਦੱਸਿਆ ਕਿ ਨਗਰ ਪੰਚਾਇਤ ਚੋਣਾਂ ਤੋਂ ਪਹਿਲਾਂ ਸਰਕਾਰ ਵਲੋਂ ਅੰਦਰਖਾਤੇ ਕੀਤੀ ਜਾ ਰਹੀ ਵਾਰਡਬੰਦੀ ਅਤੇ ਨਗਰ ਪੰਚਾਇਤ ਦੀ ਹੱਦਬੰਦੀ ਨਾਲ ਛੇੜਖਾਨੀ ਦੇ ਵਿਰੋਧ ਵਿਚ ਅੱਜ ਕਾਰਜ ਸਾਧਕ ਅਫਸਰ ਦਿਨੇਸ਼ ਸੂਰੀ ਨੂੰ ਮੰਗ ਪੱਤਰ ਦੇ ਕੇ ਆਪਣਾ ਇਤਰਾਜ਼ ਜਤਾਇਆ ਗਿਆ ਹੈ ਅਤੇ ਇਹ ਵੀ ਮੰਗ ਕੀਤੀ ਹੈ ਕਿ ਵਾਰਡਬੰਦੀ ਗ਼ੈਰ ਕਾਨੂੰਨੀ ਨਾ ਕੀਤੀ ਜਾਵੇ ਅਤੇ ਕੋਈ ਵੀ ਕਾਰਵਾਈ ਲੁਕ ਛਿਪ ਕੇ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਅਜਨਾਲਾ ਦੀਆਂ ਆਉਣ ਵਾਲੀਆਂ ਚੋਣਾਂ ਵਿਚ ਸੱਤਾਧਾਰੀ ਧਿਰ ਵਲੋਂ ਅਗਰ ਜੇਕਰ ਕੋਈ ਵੀ ਧੱਕੇਸ਼ਾਹੀ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਉਸਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ, ਸਾਬਕਾ ਕੌਂਸਲਰ ਜਸਪਾਲ ਸਿੰਘ ਕਾਲੀ, ਸਾਬਕਾ ਕੌਂਸਲਰ ਸਵਰਨ ਸਿੰਘ ਗੁਲਾਬ ਅਤੇ ਸਾਬਕਾ ਕੌਂਸਲਰ ਜਗਤਾਰ ਸਿੰਘ ਆਦਿ ਹਾਜ਼ਰ ਸਨ |