ਮਜੀਠਾ, 28 ਜਨਵਰੀ (ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਬਾਬਾ ਕਾਹਨ ਸਿੰਘ ਮਜੀਠਾ ਵਿਖੇ ਗੁਰਦੁਆਰਾ ਕਮੇਟੀ, ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ, ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੀਆਂ ਹੋਰ ਸਭਾ ਸੁਸਾਇਟੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਥਾ ਕੀਰਤਨ ਸਮਾਗਮ ਕਰਾਇਆ ਗਿਆ | ਇਸ ਤੋਂ ਪਹਿਲਾਂ ਸ਼ਹਿਰ ਵਿਚ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ ਜਿਹੜੀ ਕਿ ਸ਼ਹਿਰ ਦੇ ਵੱਖ ਵੱਖ ਗਲੀਆਂ ਬਜ਼ਾਰਾਂ ਵਿਚੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਈ | ਸ਼ਾਮ ਵਕਤ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਕਥਾ ਕੀਰਤਨ ਸਮਾਗਮ ਸ਼ੁਰੂ ਹੋਇਆ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਪਵਿਤਪਾਲ ਸਿੰਘ ਦੇ ਰਾਗੀ ਜਥੇ ਨੇ ਮਨੋਹਰ ਗੁਰਬਾਣੀ ਕੀਰਤਨ ਦਾ ਗਾਇਨ ਕੀਤਾ ਇਸ ਤੋਂ ਬਾਅਦ ਭਾਈ ਨਿਰਮਲ ਸਿੰਘ ਜੇਠੂਵਾਲ ਦੇ ਢਾਡੀ ਜਥੇ ਨੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਦਾ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਗਰੰਥੀ ਭਾਈ ਮਨਜੀਤ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹੁਕਮਨਾਮਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸੁੰਦਰ ਲਾਈਟਾਂ ਅਤੇ ਦੀਪਮਾਲਾ ਕਰਕੇ ਸਜਾਇਆ ਗਿਆ ਸੀ | ਸੰਗਤਾਂ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਆਤਿਸ਼ਬਾਜੀ ਵੀ ਚਲਾਈ ਗਈ | ਪ੍ਰਬੰਧਕਾਂ ਨੇ ਆਏ ਜਥਿਆਂ ਨੂੰ ਸਨਮਾਨਿਤ ਕੀਤਾ ਅਤੇ ਸੰਗਤਾਂ ਵਾਸਤੇ ਅਤੁੱਟ ਲੰਗਰ ਲਗਾਇਆ ਗਿਆ | ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਕਥਾ ਕੀਰਤਨ ਵਿਚ ਸ਼ਾਮਲ ਹੋ ਕੇ ਲਾਹਾ ਲਿਆ |