ਅਜਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜਮਾਨਤ ਦੇਣ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕਿਹਾ ਕਿ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮਾਣਯੋਗ ਸੁਪਰੀਮ ਕੋਰਟ ਤੋਂ ਜਮਾਨਤ ਮਿਲਣ ਨਾਲ ਸੱਚ ਦੀ ਵੱਡੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਚੜਤ ਨੂੰ ਰੋਕਣ ਲਈ ਸਿਆਸੀ ਬਦਲਾਖੋਰੀ ਤਹਿਤ ਬਿਨ੍ਹਾਂ ਕਿਸੇ ਸਬੂਤ ਤੋਂ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਬੇਵਜ੍ਹਾ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਬੰਦ ਕੀਤਾ ਗਿਆ ਸੀ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਦਿਨੋਂ ਦਿਨ ਵੱਧ ਰਹੀ ਲੋਕਪਿ੍ਅਤਾ ਨੂੰ ਵੇਖਦਿਆਂ ਹੋਇਆਂ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਨਾਲ ਬੁਖਲਾਹਟ ਵਿਚ ਆ ਕੇ ਆਏ ਦਿਨ ਗਲਤ ਫ਼ੈਸਲੇ ਲੈ ਕੇ ਸਿਆਸਤ ਨੂੰ ਗੰਧਲਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੇ ਝੂਠਾਂ ਦਾ ਘੜਾ ਪੂਰੀ ਤਰ੍ਹਾਂ ਭਰ ਚੁੱਕਾ ਹੈ ਤੇ ਸੂਬੇ ਦੇ ਲੋਕ ਇਸ ਪਾਰਟੀ ਨੂੰ ਪੰਜਾਬ ਦੀ ਸੱਤਾ ਵਿਚੋਂ ਲਾਂਭੇ ਕਰਨ ਲਈ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ ਅਤੇ ਸਮੇਂ ਦੀ ਉਡੀਕ ਵਿਚ ਹਨ |