ਜੈਂਤੀਪੁਰ, 3 ਫਰਵਰੀ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ ਦੀ ਖ਼ਬਰ ਮਿਲਦਿਆਂ ਹੀ ਹਲਕਾ ਮਜੀਠਾ ਦੇ ਅੰਦਰ ਵੀ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕੇ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲਾਲੀ ਯੂ. ਕੇ. ਦੀ ਅਗਵਾਈ ਵਿਚ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲੀ ਯੂ. ਕੇ. ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਕੇ ਮਜੀਠੀਆ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕਰਨ ਵਾਲੀ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਮਾਰੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਬੁਲੰਦ ਆਵਾਜ਼ ਨੂੰ ਬੰਦ ਕਰਨ ਲਈ ਬਦਲੇ ਦੀ ਭਾਵਨਾ ਨਾਲ ਬਿਕਰਮ ਸਿੰਘ ਮਜੀਠੀਆ ਤੇ ਆਮਦਨ ਤੋਂ ਵੱਧ ਜਾਇਦਾਦ ਦਾ ਝੂਠਾ ਕੇਸ ਦਰਜ ਕੀਤਾ ਗਿਆ ਸੀ, ਕਿਉਂਕਿ ਬਿਕਰਮ ਸਿੰਘ ਮਜੀਠੀਆ ਹਮੇਸ਼ਾ ਹੀ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕਮਾਰੂ ਨੀਤੀਆਂ ਨੂੰ ਉਜਾਗਰ ਕਰਦੇ ਸਨ ਜੋ ਕਿ ਇਸ ਸਰਕਾਰ ਨੂੰ ਬਰਦਾਸ਼ਤ ਨਹੀਂ ਹੋਇਆ ਪਰ ਸਮੁੱਚੇ ਪੰਜਾਬ ਦੇ ਲੋਕ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ |