ਪਹਿਲੀ ਵਾਰ ਹੈ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਜ਼ਮੀਨੀ ਪੱਧਰ 'ਤੇ ਸਮੀਖਿਆ ਕੀਤੀ-ਹਰਜੋਤ ਬੈਂਸ
ਅਜੀਤ ਡੈਸਕ
21-02-2026
ਜੰਡਿਆਲਾ ਗੁਰੂ, 20 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸੰਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿਚ ਇਕ ਨਵਾਂ ਮਾਪਦੰਡ ਕਰਾਰ ਦਿੱਤਾ | ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ 'ਤੇ ਜ਼ਮੀਨੀ ਪੱਧਰ 'ਤੇ ਸਮੀਖਿਆ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਮੈਂ ਪਠਾਨਕੋਟ ਤੋਂ ਫ਼ਾਜ਼ਿਲਕਾ-ਫਿਰੋਜ਼ਪੁਰ ਤੋਂ ਮੋਹਾਲੀ ਤੱਕ ਕੋਈ ਜ਼ਿਲ੍ਹਾ ਨਹੀਂ ਛੱਡਿਆ ਹੈ, ਜੋ ਕਿ ਸੂਬੇ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਮੇਰੇ ਜਨੂੰਨ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਕਰੀਬਨ 20,000 ਸਕੂਲ ਹਨ, ਜਿਨ੍ਹਾਂ ਦੇ ਜ਼ਮੀਨੀ ਪੱਧਰ 'ਤੇ ਨਿਰੀਖਣ ਲਈ ਮੈਂ ਇਕ ਮਿਸ਼ਨ 'ਤੇ ਹਾਂ | ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਵਿਚ ਸਿੱਖਿਆ ਅਤੇ ਪ੍ਰਬੰਧਨ ਦੇ ਮਿਆਰਾਂ ਦੀ ਸਮੀਖਿਆ ਕੀਤੀ ਅਤੇ 'ਸਮਰੱਥ' ਪ੍ਰੋਗਰਾਮ, ਜੋ ਪ੍ਰਾਇਮਰੀ ਕਲਾਸਾਂ ਵਿਚ ਪੜ੍ਹਾਈ-ਲਿਖਾਈ ਸੰਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਕ ਪ੍ਰਮੁੱਖ ਪਹਿਲਕਦਮੀ ਹੈ, ਦੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ | ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਰੱਥ ਪ੍ਰੋਗਰਾਮ ਰਾਹੀਂ ਅਸੀਂ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ 'ਤੇ ਕੰਮ ਕੀਤਾ ਅਤੇ ਬੱਚਿਆਂ ਨੂੰ ਚੰਗੀ ਤਰ੍ਹਾਂ ਪੜ੍ਹਾਉਣ ਵਾਲੇ ਅਧਿਆਪਕ ਸ਼ਾਨਦਾਰ ਨਤੀਜੇ ਦੇ ਰਹੇ ਹਨ | ਸੁਰੱਖਿਤ ਅਤੇ ਅਨੁਕੂਲ ਸਿੱਖਿਆ ਵਾਤਾਵਰਨ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਵਾਲੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ |