ਵਿਧਾਇਕ ਧਾਲੀਵਾਲ ਨੇ ਹਲਕੇ ਦੇ ਪਿੰਡਾਂ 'ਚ ਖੇਡ ਮੈਦਾਨਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਅਜੀਤ ਡੈਸਕ
24-02-2026
ਜਗਦੇਵ ਕਲਾਂ, 23 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਅਜਨਾਲਾ ਦੇ ਪਿੰਡਾਂ ਝੰਡੇਰ, ਸਹਿੰਸਰਾ ਕਲਾਂ, ਖਤਰਾਏ ਕਲਾਂ, ਤੇੜਾ ਖੁਰਦ, ਤੇੜਾ ਕਲਾਂ, ਬਾਠ, ਧਾਰੀਵਾਲ ਕਲੇਰ, ਚੱਕ ਸਿਕੰਦਰ, ਤਲਵੰਡੀ ਨਾਹਰ ਆਦਿ 11 ਪਿੰਡਾਂ 'ਚ 3.74 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਅਧੀਨ ਮਾਡਲ ਖੇਡ ਮੈਦਾਨਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ | ਇਸੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਸੰਬੰਧਿਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ ਵਿਧਾਨ ਸਭਾ ਹਲਕਾ ਅਜਨਾਲਾ 'ਚ 10.34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ਦੌਰਾਨ ਗੁਣਵੱਤਾ 'ਚ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਰਮਾਣ ਸਮੱਗਰੀ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਸ. ਧਾਲੀਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿਚ ਕੋਤਾਹੀ ਕਰਨ ਵਾਲੇ ਵਿਭਾਗੀ ਅਧਿਕਾਰੀਆਂ, ਕਰਮਚਾਰੀਆਂ ਤੇ ਠੇਕੇਦਾਰਾਂ ਵਿਰੁੱਧ ਪੁਲਿਸ ਮੁਕਦਮੇਂ ਦਰਜ ਕਰਵਾਉਣ ਤੋਂ ਵੀ ਕੋਈ ਗੁਰੇਜ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡ ਮੈਦਾਨਾਂ ਦੇ ਚੱਲ ਰਹੇ ਵਿਕਾਸ ਕਾਰਜ 31 ਮਾਰਚ ਤੱਕ ਪੂਰੀ ਤਰ੍ਹਾਂ ਮੁਕੰਮਲ ਹੋ ਜਾਣੇ ਚਾਹੀਦੇ ਹਨ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਮੁਹਤਬਰਾਂ ਤੋਂ ਇਲਾਵਾ ਸੰਬੰਧਿਤ ਵੱੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |