ਜਗਦੇਵ ਕਲਾਂ, 9 ਮਾਰਚ (ਸ਼ਰਨਜੀਤ ਸਿੰਘ ਗਿੱਲ)-ਭਾਰਤ ਸਰਕਾਰ ਦੀ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਦੀ ਜਾਣਕਾਰੀ ਲੋਕਾਂ ਤੱਕ ਮੁਹੱਈਆ ਕਰਾਉਣ ਦੇ ਮਕਸਦ ਤਹਿਤ ਮੁੱਖ ਖੇਤੀਬਾੜੀ ਅਫਸਰ, ਅੰਮਿ੍ਤਸਰ ਡਾ. ਗੁਰਸਾਹਿਬ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸੇ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨੂੰ ਅਹਿਮ ਅਪੀਲ ਕੀਤੀ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ, ਤਾਂ ਜੋ ਸਰਕਾਰੀ ਸਹਾਇਤਾ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐੱਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ 'ਫਾਰਮਰ ਰਜਿਸਟਰੀ' ਮੁਕੰਮਲ ਕਰ ਲਈ ਹੋਵੇਗੀ | ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜਮਾਬੰਦੀ ਨਾਲ ਲੈ ਕੇ ਜਾਣ, ਤਾਂ ਜੋ ਮੌਕੇ 'ਤੇ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਕੀਤੀ ਜਾ ਸਕੇ |