ਬਾਬਾ ਬਕਾਲਾ ਸਾਹਿਬ, 10 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਦਿਨੀਂ ਨੇੜਲੇ ਪਿੰਡ ਸਠਿਆਲਾ ਦੇ ਗੁਰਦੁਆਰਾ ਸਾਹਿਬ ਧੇੜੇਆਣਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਮਾਮਲੇ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਇੱਥੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਖਿਲਚੀਆਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਮੁੱਦੇ 'ਤੇ ਸੱਤਾ ਵਿਚ ਆਈ ਪੰਜਾਬ ਸਰਕਾਰ ਅੱਜ ਖੁਦ ਬੇਅਦਬੀਆਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਦੇ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਉੱਪਰ ਕਤਲ ਦੇ ਬਰਾਬਰ ਦੀਆਂ ਧਰਾਵਾਂ ਤਹਿਤ ਪਰਚਾ ਦਰਜ ਹੋਣਾ ਚਾਹੀਦਾ ਹੈ ਤਾਂ ਕਿ ਦੋਸ਼ੀਆਂ ਨੂੰ ਵੱਧ ਤੋਂ ਵੱਧ ਸਜ਼ਾ ਮਿਲ ਸਕੇ |