ਅਜਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਬ -ਡਵੀਜ਼ਨ ਅਜਨਾਲਾ ਦੇ ਡੀ. ਐੱਸ. ਪੀ. ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਅਤੇ 850 ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਹਾਈਵੇ ਪੁਲ ਨੇੜੇ ਪੁੱਜੀ ਤਾਂ ਇਕ ਮੋਨਾ ਨੌਜਵਾਨ ਪੁਲ ਦੇ ਨਾਲ ਲੱਗਦੇ ਕੱਚੇ ਰਸਤੇ ਤੇ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਅਤੇ 850 ਰੁਪਏ ਡਰੱਗ ਮਨੀ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਣੀ ਸਮੇਤ ਕਾਬੂ ਨੌਜਵਾਨ ਦੀ ਪਹਿਚਾਨ ਲਖਵਿੰਦਰ ਸਿੰਘ ਉਰਫ ਰਿੰਕਾ ਵਾਸੀ ਚੁਗਾਵਾਂ ਰੋਡ ਅਜਨਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ ਥਾਣਾ ਅਜਨਾਲਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |